ਅਸ਼ਵਨੀ ਸ਼ਰਮਾ ਨੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਅੰਦੋਲਨ ਵਾਪਸ ਲੈਣ ਦਾ ਕੀਤਾ ਸਵਾਗਤ
ਅੰਮ੍ਰਿਤਸਰ /ਚੰਡੀਗੜ੍ਹ: 9 ਦਸੰਬਰ ( ਪਵਿੱਤਰ ਜੋਤ ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨ ਵਾਪਸ ਲਏ ਜਾਣ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨ ਬਣਾਉਣ ਸਮੇਤ ਹੋਰ ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕੇਂਦਰ ਸਰਕਾਰ ਵਲੋਂ ਭੇਜੇ ਪ੍ਰਸਤਾਵ ‘ਤੇ ਆਪਣੀ ਸਹਿਮਤੀ ਜ਼ਾਹਰ ਕਰਦਿਆਂ ਆਪਣਾ ਅੰਦੋਲਨ ਵਾਪਸ ਲੈਣ ਦੇ ਐਲਾਨ ਦਾ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਨਿਘਾ ਸਵਾਗਤ ਕੀਤਾ ਹੈ।
ਅਸ਼ਵਨੀ ਸ਼ਰਮਾ ਨੇ ਕਿਸਾਨ ਮੋਰਚਾ ਦੇ ਆਗੂਆਂ ਦੇ ਇਸ ਐਲਾਨ ਦਾ ਸਵਾਗਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਹਮੇਸ਼ਾ ਹੀ ਕਿਸਾਨਾਂ ਦੇ ਹਿੱਤ ਵਿੱਚ ਕੰਮ ਕਰਦੀ ਰਹੀ ਹੈ ਅਤੇ ਕਰਦੀ ਰਹੇਗੀ। ਸਰਕਾਰ ਅਤੇ ਪਾਰਟੀ ਨੇ ਅੰਦੋਲਨ ਵਿੱਚ ਬਹੁਤ ਸੰਜਮ ਦਿਖਾਇਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਵੀ ਆਪਣੇ ਸੰਬੋਧਨ ਵਿੱਚ ਕਿਹਾ ਸੀ ਕਿ ਇਹ ਕਾਨੂੰਨ ਕਿਸਾਨਾਂ ਦੇ ਭਲੇ ਲਈ ਪਵਿੱਤਰ ਭਾਵਨਾ ਨਾਲ ਲਿਆਂਦੇ ਗਏ ਸਨ, ਪਰ ਅਸੀਂ ਕੁਝ ਕਿਸਾਨ ਭਰਾਵਾਂ ਨੂੰ ਇਨ੍ਹਾਂ ਕਾਨੂੰਨਾਂ ਬਾਰੇ ਨਹੀਂ ਸਮਝਾ ਸਕੇ। ਇਸ ਲਈ ਦੇਸ਼ ਦੇ ਹਿੱਤ ਵਿੱਚ ਇਹ ਕਾਨੂੰਨ ਵਾਪਸ ਲੈ ਰਹੇ ਹਾਂ। ਕੇਂਦਰ ਸਰਕਾਰ ਨੇ ਜਿਸ ਹਮਦਰਦੀ ਅਤੇ ਖੁੱਲੇ ਮਨ ਨਾਲ ਕਿਸਾਨਾਂ ਦੀਆਂ ਹੋਰ ਮੰਗਾਂ ਨੂੰ ਪ੍ਰਵਾਨ ਕੀਤਾ ਹੈ, ਉਸ ਲਈ ਭਾਰਤੀ ਜਨਤਾ ਪਾਰਟੀ ਪੰਜਾਬ ਮੋਦੀ ਸਰਕਾਰ ਦਾ ਧੰਨਵਾਦ ਕਰਦੀ ਹੈ। ਮੋਦੀ ਸਰਕਾਰ ਦੇ ਇਸ ਫੈਸਲੇ ਨਾਲ ਪੰਜਾਬ ਵਿੱਚ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਾ ਹੋਰ ਮਜ਼ਬੂਤ ਹੋਵੇਗਾ। ਦੇਸ਼ ਵਿਰੋਧੀ ਅਤੇ ਸਮਾਜ ਵਿਰੋਧੀ ਤਾਕਤਾਂ ਜੋ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੀਆਂ ਹਨ, ਅੱਜ ਹਾਰ ਗਈਆਂ ਹਨ। ਸ਼ਰਮਾ ਨੇ ਕਿਹਾ ਕੀ ਭਾਜਪਾ ਹਮੇਸ਼ਾ ਕਿਸਾਨ-ਪੱਖੀ ਰਹੀ ਹੈ ਅਤੇ ਕਿਸਾਨ-ਪੱਖੀ ਰਹੇਗੀ।
—