ਅੰਮ੍ਰਿਤਸਰ / ਚੰਡੀਗੜ੍ਹ, 8 ਜਨਵਰੀ ( ਪਵਿੱਤਰ ਜੋਤ ): ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜ ਸੂਬਿਆਂ ਵਿੱਚ ਹੋਣ ਵਾਲੀਆਂ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਦਾ ਸਵਾਗਤ ਕਰਦਿਆਂ ਕਿਹਾ ਕਿ ਭਾਜਪਾ ਸੂਬੇ ਵਿੱਚ ਚੋਣਾਂ ਲੜਨ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਉਨ੍ਹਾਂ ਨੂੰ ਭਰੋਸਾ ਹੈ ਕਿ ਚੋਣ ਕਮਿਸ਼ਨ ਨਿਰਪੱਖ ਅਤੇ ਸੁਰੱਖਿਅਤ ਚੋਣਾਂ ਕਰਵਾਏਗਾ।
ਸ਼ਰਮਾ ਨੇ ਕਿਹਾ ਕਿ ਮਾਫੀਆ ਰਾਜ ਦੇ ਦਿਨ ਜਲਦੀ ਹੀ ਖਤਮ ਹੋ ਜਾਣਗੇ ਅਤੇ ਚਰਨਜੀਤ ਸਿੰਘ ਚੰਨੀ ਨੂੰ ਉਨ੍ਹਾਂ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਮੇਤ ਚੋਣਾਂ ਵਿਚ ਹਾਰ ਦਾ ਸਾਹਮਣਾ ਕਰਨਾ ਪਵੇਗਾ। ਕਾਂਗਰਸ ਸਰਕਾਰ ਦੀਆਂ ਪੰਜਾਬ ਵਿਰੋਧੀ ਅਤੇ ਲੋਕ ਵਿਰੋਧੀ ਨੀਤੀਆਂ ਅਤੇ ਭ੍ਰਿਸ਼ਟਾਚਾਰ ਕਾਰਨ ਪੰਜਾਬ ਨੂੰ ਬਹੁਤ ਭਾਰੀ ਨੁਕਸਾਨ ਹੋਇਆ ਹੈ। ਪਿਛਲੇ ਪੰਜ ਸਾਲਾਂ ਦੇ ਸ਼ਾਸਨ ਵਿੱਚ ਕਾਂਗਰਸ ਨੇ ਸੂਬੇ ਨੂੰ ਦਹਾਕਿਆਂ ਪਿੱਛੇ ਧੱਕ ਦਿੱਤਾ ਹੈ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ਦੀ ਜਿੱਤ ਹੋਵੇਗੀ ਕਿਉਂਕਿ ਪੰਜਾਬ ਦੇ ਵੋਟਰ ਇੱਕ ਇਮਾਨਦਾਰ ਅਤੇ ਭਰੋਸੇ ਯੋਗ ਸਰਕਾਰ ਚਾਹੁੰਦੇ ਹਨ, ਜੋ ਹਰ ਨਾਗਰਿਕ ਨੂੰ ਤਰੱਕੀ ਦੇ ਬਰਾਬਰ ਮੌਕੇ ਦੇ ਸਕੇ। ਆਰਥਿਕ ਸੁਧਾਰ ਦਾ ਪੂਰਾ ਰੋਡਮੈਪ ਲਾਗੂ ਕੀਤਾ ਜਾਵੇਗਾ। ਕੋਵਿਡ ਵਿਰੁੱਧ ਸਾਵਧਾਨੀ ਵਰਤਣ ਲਈ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ‘ਤੇ ਬੋਲਦਿਆਂ ਸ਼ਰਮਾ ਨੇ ਕਿਹਾ ਕਿ ਭਾਜਪਾ ਇੱਕ ਅਨੁਸ਼ਾਸਿਤ ਪਾਰਟੀ ਹੈ ਅਤੇ ਕੋਵਿਡ ਦੀ ਰੋਕਥਾਮ ਲਈ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰੇਗੀ। ਉਨ੍ਹਾਂ ਕਿਹਾ ਕਿ ਭਾਜਪਾ ਲਈ ਸੂਬੇ ਦੇ ਲੋਕਾਂ ਦੀ ਸੁਰੱਖਿਆ ਸਭ ਤੋਂ ਵੱਡੀ ਹੋਵੇਗੀ।