ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਹੁਣ ਗਰੀਬਾਂ ਦਾ ਮੁਫਤ ਇਲਾਜ ਹੋਇਆ ਬੰਦ: ਜੀਵਨ ਗੁਪਤਾ
ਭਗਵੰਤ ਮਾਨ ਸਰਕਾਰ ਆਪਣੇ ਹਿੱਸੇ ਦੀ 250 ਕਰੋੜ ਤੋਂ ਵੱਧ ਪ੍ਰਾਈਵੇਟ ਹਸਪਤਾਲਾਂ ਦੀ ਰਾਸ਼ੀ ਤੁਰੰਤ ਜਾਰੀ ਕਰੇ: ਗੁਪਤਾ
ਅੰਮ੍ਰਿਤਸਰ/ ਚੰਡੀਗੜ੍ਹ, 10 ਮਈ (ਰਾਜਿੰਦਰ ਧਾਨਿਕ ) : ਪੰਜਾਬ ਦੇ ਹਸਪਤਾਲਾਂ ਵੱਲੋਂ ਸੋਮਵਾਰ ਤੋਂ ਪ੍ਰਧਾਨ ਮੰਤਰੀ ਆਯੂਸ਼ਮਾਨ ਭਾਰਤ ਯੋਜਨਾ ਦੇ ਕਾਰਡ ਧਾਰਕਾਂ ਦਾ ਇਲਾਜ ਬੰਦ ਕੀਤੇ ਜਾਣ ‘ਤੇ ਸਖ਼ਤ ਨੋਟਿਸ ਲੈਂਦਿਆਂ ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਕਿਹਾ ਕਿ ਇਹ ਸਭ ਭਗਵੰਤ ਮਾਨ ਸਰਕਾਰ ਦੀ ਨਾਕਾਮੀ ਦਾ ਪ੍ਰਤੱਖ ਪ੍ਰਮਾਨ ਹੈ। ਗੁਪਤਾ ਨੇ ਕਿਹਾ ਕਿ ਇਸ ਦੇ ਬੰਦ ਹੋਣ ਨਾਲ ਪੰਜਾਬ ਦੇ ਲੋੜਵੰਦ ਲੋਕਾਂ ਨੂੰ ਬਹੁਤ ਵੱਡਾ ਨੁਕਸਾਨ ਹੋਵੇਗਾ।
ਜੀਵਨ ਗੁਪਤਾ ਨੇ ਕਿਹਾ ਕਿ ਪੰਜਾਬ ਦੇ ਕਰੀਬ 45 ਲੱਖ ਲੋਕ ਇਸ ਸਕੀਮ ਦਾ ਲਾਭ ਲੈ ਰਹੇ ਹਨ। ਪਰ ਪਿਛਲੇ ਪੰਜ ਮਹੀਨਿਆਂ ਦੌਰਾਨ ਕਾਂਗਰਸ ਦੀ ਚੰਨੀ ਸਰਕਾਰ ਅਤੇ ਪੰਜਾਬ ਦੀ ਮੌਜੂਦਾ ਭਗਵੰਤ ਮਾਨ ਸਰਕਾਰ ਦੀਆਂ ਨਾਕਾਮੀਆਂ ਅਤੇ ਗਲਤ ਨੀਤੀਆਂ ਕਾਰਨ ਪ੍ਰਾਈਵੇਟ ਹਸਪਤਾਲਾਂ ਨੂੰ 250 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਨਹੀਂ ਕੀਤੀ ਗਈ, ਜਦੋਂ ਕਿ ਇਸ ਦਾ 60 ਫੀਸਦੀ ਹਿੱਸਾ ਕੇਂਦਰ ਸਰਕਾਰ ਵੱਲੋਂ ਦਿੱਤਾ ਜਾ ਚੁੱਕਾ ਹੈ। ਪੰਜਾਬ ਸਰਕਾਰ ਵੱਲੋਂ 250 ਕਰੋੜ ਤੋਂ ਵੱਧ ਰਾਸ਼ੀ ਦੀ ਅਦਾਇਗੀ ਨਾ ਕੀਤੇ ਜਾਣ ਕਾਰਨ ਪੰਜਾਬ ਦੇ 45 ਲੱਖ ਲੋੜਵੰਦ ਅਤੇ ਗਰੀਬ ਪਰਿਵਾਰ ਇਸ ਸਕੀਮ ਦੇ ਲਾਭ ਤੋਂ ਵਾਂਝੇ ਹੋ ਗਏ ਹਨ।
ਜੀਵਨ ਗੁਪਤਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਨੇ 2011 ਦੀ ਜਨਗਣਨਾ ਮੁਤਾਬਿਕ ਦੇਸ਼ ਦੇ 10 ਕਰੋੜ ਪਰਿਵਾਰਾਂ ਨੂੰ ਲਾਭ ਪਹੁੰਚਾਉਣ ਦੇ ਉਦੇਸ਼ ਨਾਲ ‘ਪ੍ਰਧਾਨ ਮੰਤਰੀ ਆਯੁਸ਼ਮਾਨ ਭਾਰਤ ਯੋਜਨਾ’ ਸ਼ੁਰੂ ਕੀਤੀ ਸੀ। ਇਸ ਸਕੀਮ ਤਹਿਤ ਸਰਕਾਰ ਵੱਲੋਂ ਦੇਸ਼ ਦੇ 50 ਕਰੋੜ ਲੋਕਾਂ ਨੂੰ ਮੁਫ਼ਤ ਇਲਾਜ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਗਿਆ ਸੀ। ਯਾਨੀ 50 ਕਰੋੜ ਲੋਕਾਂ ਨੂੰ 5 ਲੱਖ ਰੁਪਏ ਪ੍ਰਤੀ ਪਰਿਵਾਰ ਸਾਲਾਨਾ ਸਿਹਤ ਸੁਰੱਖਿਆ ਦਿੱਤੀ ਜਾ ਰਹੀ ਹੈ। ਪ੍ਰਧਾਨ ਮੰਤਰੀ ਆਯੁਸ਼ਮਾਨ ਭਾਰਤ ਯੋਜਨਾ ਦੇ ਤਹਿਤ ਦੇਸ਼ ਵਿੱਚ ਹਰ 12 ਸੈਕਿੰਡ ਵਿੱਚ ਇੱਕ ਗਰੀਬ ਵਿਅਕਤੀ ਦਾ ਮੁਫਤ ਇਲਾਜ ਹੋ ਰਿਹਾ ਹੈ। ਦੇਸ਼ ਦੇ ਲੋੜਵੰਦ ਅਤੇ ਗਰੀਬ ਲੋਕ ਪ੍ਰਧਾਨ ਮੰਤਰੀ ਮੋਦੀ ਵਲੋਂ ਚਲਾਈ ਗਈ ਇਸ ਆਯੁਸ਼ਮਾਨ ਯੋਜਨਾ ਦਾ ਲਾਭ ਲੈ ਰਹੇ ਹਨ ਅਤੇ ਪ੍ਰਧਾਨ ਮੰਤਰੀ ਮੋਦੀ ਨੂੰ ਆਸ਼ੀਰਵਾਦ ਦੇ ਰਹੇ ਹਨ। ਪਰ ਪੰਜਾਬ ਸਰਕਾਰ ਦੀ ਨਾਲਾਇਕੀ ਅਤੇ ਗਲਤ ਨੀਤੀਆਂ ਕਾਰਨ ਪੰਜਾਬ ਦੇ ਲੋਕ ਇਸ ਸਕੀਮ ਦਾ ਲਾਭ ਲੈਣ ਤੋਂ ਵਾਂਝੇ ਹੋ ਗਏ ਹਨ।
ਜੀਵਨ ਗੁਪਤਾ ਨੇ ਕਿਹਾ ਕਿ ਇਸ ਸਕੀਮ ਤਹਿਤ ਕੇਂਦਰ ਸਰਕਾਰ ਦਾ ਹਿੱਸਾ 60 ਫੀਸਦੀ ਅਤੇ ਪੰਜਾਬ ਸਰਕਾਰ ਦਾ ਹਿੱਸਾ 40 ਫੀਸਦੀ ਹੈ। ਜਿਸ ਤਹਿਤ ਪੰਜਾਬ ਦੇ 700 ਦੇ ਕਰੀਬ ਪ੍ਰਾਈਵੇਟ ਹਸਪਤਾਲਾਂ ਨੂੰ ਪੰਜਾਬ ਸਰਕਾਰ ਵੱਲੋਂ ਆਪਣੇ ਹਿੱਸੇ ਦਾ 250 ਕਰੋੜ ਰੁਪਏ ਤੋਂ ਵੱਧ ਦਿੱਤਾ ਜਾਣਾ ਸੀ, ਜੋ ਕਿ ਭਗਵੰਤ ਮਾਨ ਸਰਕਾਰ ਵਲੋਂ ਅਜੇ ਤੱਕ ਨਹੀਂ ਦਿੱਤਾ ਗਿਆ। ਜਿਸ ਕਾਰਨ ਪ੍ਰਾਈਵੇਟ ਹਸਪਤਾਲਾਂ ਨੂੰ ਆਪਣੇ ਖਰਚੇ ਚਲਾਉਣ ਵਿੱਚ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਨਾਰਾਜ਼ ਹੋ ਕੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਪੰਜਾਬ ਨੇ ਸੋਮਵਾਰ ਤੋਂ ਆਯੂਸ਼ਮਾਨ ਕਾਰਡ ਧਾਰਕਾਂ ਦਾ ਇਲਾਜ ਬੰਦ ਕਰਨ ਦਾ ਐਲਾਨ ਕੀਤਾ ਹੈ। ਗੁਪਤਾ ਨੇ ਮੰਗ ਕੀਤੀ ਕਿ ਭਗਵੰਤ ਮਾਨ ਸਰਕਾਰ ਪੰਜਾਬ ਦੇ ਪ੍ਰਾਈਵੇਟ ਹਸਪਤਾਲਾਂ ਦੀ 250 ਕਰੋੜ ਰੁਪਏ ਤੋਂ ਵੱਧ ਦੀ ਰੋਕੀ ਗਈ ਰਾਸ਼ੀ ਤੁਰੰਤ ਜਾਰੀ ਕਰੇ ਤਾਂ ਜੋ ਪੰਜਾਬ ਦੇ ਲੋੜਵੰਦ ਅਤੇ ਗਰੀਬ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਚਲਾਈ ਗਈ ਆਯੂਸ਼ਮਾਨ ਭਾਰਤ ਯੋਜਨਾ ਦਾ ਲਾਭ ਲੈ ਸਕਣ।
ਜੀਵਨ ਗੁਪਤਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੂਬੇ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਅਤੇ ਝੂਠੇ ਸੁਨਹਿਰੀ ਸੁਪਨੇ ਦਿਖਾ ਕੇ ਪੰਜਾਬ ਦੀ ਸੱਤਾ ਹਾਸਲ ਕੀਤੀ ਸੀ, ਪਰ ਹੁਣ ਜਦੋਂ ਉਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਦਾ ਸਮਾਂ ਆਇਆ ਹੈ ਤਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁਖ ਮੰਤਰੀ ਕੇਜਰੀਵਾਲ ਦੋਨੋਂ ਜਨਤਾ ਤੋਂ ਮੂੰਹ ਲੁਕਾਉਂਦੇ ਫਿਰ ਰਹੇ ਹਨ। ਅਜਿਹੇ ਵਿੱਚ ਭਗਵੰਤ ਮਾਨ ਅਤੇ ਕੇਜਰੀਵਾਲ ਜਨਤਾ ਨਾਲ ਕੀਤੇ ਵਾਅਦਿਆਂ ਤੋਂ ਧਿਆਨ ਹਟਾਉਣ ਲਈ ਨਿੱਤ ਨਵੀਆਂ ਸਿਆਸੀ ਖੇਡਾਂ ਰਚ ਕੇ ਪੰਜਾਬ ਦੀ ਭੋਲੀ ਭਾਲੀ ਜਨਤਾ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਪਰ ਸ਼ਾਇਦ ਦੋਹਾਂ ਨੂੰ ਇਹ ਨਹੀਂ ਪਤਾ ਕਿ ਜਨਤਾ ਸਭ ਕੁਝ ਜਾਣਦੀ ਹੈ ਅਤੇ ਸਭ ਕੁਝ ਦੇਖ ਅਤੇ ਸਮਝ ਰਹੀ ਹੈ। ਲੋਕ ਇਸ ਦਾ ਜਵਾਬ ਜ਼ਰੂਰ ਦੇਣਗੇ।