ਪੈਟਰੋਲ, ਡੀਜ਼ਲ ਅਤੇ ਗੈਸ ਦੀਆਂ ਕੀਮਤਾਂ ਵਿੱਚ ਭਾਰੀ ਛੋਟ ਦੇ ਕੇ ਮੋਦੀ ਸਰਕਾਰ ਨੇ ਦੇਸ਼ ਦੀ ਜਨਤਾ ‘ਤੇ ਪਿਆ ਇੱਕ ਲੱਖ ਕਰੋੜ ਦਾ ਬੋਝ ਲਿਆ ਆਪਨੇ ਸਿਰ: ਅਸ਼ਵਨੀ ਸ਼ਰਮਾ
ਮੋਦੀ ਸਰਕਾਰ ਵੱਲੋਂ ਪੈਟਰੋਲ-ਡੀਜ਼ਲ ਅਤੇ ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਕਟੌਤੀ ਦੇ ਫੈਸਲੇ ਦਾ ਅਸ਼ਵਨੀ ਸ਼ਰਮਾ ਨੇ ਕੀਤਾ ਸਵਾਗਤ
ਅੰਮ੍ਰਿਤਸਰ/ ਚੰਡੀਗੜ੍ਹ, 22 ਮਈ ( ਪਵਿੱਤਰ ਜੋਤ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਨੇ ਪੈਟਰੋਲ ਦੀ ਕੀਮਤ ਵਿੱਚ 9.5 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ ਵਿੱਚ 7 ਰੁਪਏ ਪ੍ਰਤੀ ਲੀਟਰ ਅਤੇ ਘਰੇਲੂ ਗੈਸ ਸਿਲੰਡਰ ਦੀਆਂ ਕੀਮਤ ਵਿੱਚ 200 ਰੁਪਏ ਦੀ ਕਟੌਤੀ ਕਰਕੇ ਦੇਸ਼ ਦੇ ਲੋਕਾਂ ਨੂੰ ਦਿੱਤੀ ਵੱਡੀ ਦਾ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਮੰਦੀ ਦੇ ਅਜਿਹੇ ਔਖੇ ਸਮੇਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਕਟੌਤੀ ਕਰਨਾ ਮੋਦੀ ਸਰਕਾਰ ਵੱਲੋਂ ਇੱਕ ਬਹੁਤ ਹੀ ਦਲੇਰੀ ਭਰਿਆ ਫੈਸਲਾ ਹੈ। ਮੋਦੀ ਸਰਕਾਰ ਨੇ ਇਸ ਫੈਸਲੇ ਨਾਲ ਸਬਕਾ ਸਾਥ, ਸਬਕਾ ਵਿਸ਼ਵਾਸ, ਸਬਕਾ ਵਿਕਾਸ ਦੇ ਨਾਅਰੇ ਨੂੰ ਇੱਕ ਵਾਰ ਫਿਰ ਸਾਰਥਕ ਕਰਦੇ ਹੋਏ ਦੇਸ਼ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜਿੱਥੇ ਪਿਛਲੇ ਦੋ ਸਾਲਾਂ ਤੋਂ ਵੱਧ ਸਮੇਂ ਤੋਂ ਕੋਰੋਨਾ ਮਹਾਮਾਰੀ ਕਾਰਨ ਸਮੁੱਚੀ ਦੁਨਿਆ ਦੀ ਅਰਥਵਿਵਸਥਾ ਆਲਮੀ ਮੰਦੀ ਦੇ ਦੌਰ ਵਿੱਚੋਂ ਗੁਜ਼ਰ ਰਹੀ ਹੈ, ਉੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲਏ ਗਏ ਅਗਾਂਹਵਧੂ, ਸਹੀ ਅਤੇ ਠੋਸ ਫੈਸਲਿਆਂ ਸਦਕਾ 130 ਕਰੋੜ ਦੀ ਆਬਾਦੀ ਵਾਲੇ ਭਾਰਤ ਦੇਸ਼ ਵਿੱਚ ਬਹੁਤ ਹੀ ਘੱਟ ਜਾਨੀ ਤੇ ਮਾਲੀ ਨੁਕਸਾਨ ਹੋਇਆ ਹੈ। ਅੱਜ ਪ੍ਰਧਾਨ ਮੰਤਰੀ ਮੋਦੀ ਵੱਲੋਂ ਦੇਸ਼ ਦੇ ਹਿੱਤ ਵਿੱਚ ਲਏ ਗਏ ਫੈਸਲਿਆਂ ਅਤੇ ਦੁਨੀਆ ਦੇ ਸੈਂਕੜੇ ਦੇਸ਼ਾਂ ਨੂੰ ਮਹਾਂਮਾਰੀ ਦੇ ਇਸ ਸੰਕਟ ਤੋਂ ਬਚਾਉਣ ਲਈ ਟੀਕੇ, ਆਰਥਿਕ ਅਤੇ ਖੁਰਾਕੀ ਮਦਦ ਲਈ ਦੁਨੀਆ ਦੇ ਸਾਰੇ ਪ੍ਰਮੁੱਖ ਦੇਸ਼ਾਂ ਸਮੇਤ ਸਾਰੇ ਦੇਸ਼ ਸ਼ਲਾਘਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮਹਾਮਾਰੀ ਅਤੇ ਯੂਕਰੇਨ-ਰੂਸ ਜੰਗ ਕਾਰਨ ਜਿੱਥੇ ਪੂਰੀ ਦੁਨੀਆ ਨੂੰ ਮਹਿੰਗੇ ਭਾਅ ਦਾ ਕੱਚਾ ਤੇਲ ਖਰੀਦਣ ਕਾਰਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾ ਕੇ ਆਪਣੇ ਦੇਸ਼ਾਂ ਦੀਆਂ ਲੋੜਾਂ ਪੂਰੀਆਂ ਕਰਨੀਆਂ ਪੈ ਰਹੀਆਂ ਹਨ, ਅਜਿਹੇ ‘ਚ ਪ੍ਰਧਾਨ ਮੰਤਰੀ ਮੋਦੀ ਭਾਰਤ ‘ਚ ਦੂਜੇ ਦੇਸ਼ਾਂ ਦੇ ਮੁਕਾਬਲੇ ਸਸਤਾ ਪੈਟਰੋਲ, ਡੀਜ਼ਲ ਅਤੇ ਗੈਸ ਲੋਕਾਂ ਨੂੰ ਲਗਾਤਾਰ ਮੁਹੱਈਆ ਕਰਵਾ ਰਹੇ ਹਨ। ਮੋਦੀ ਸਰਕਾਰ ਨੇ ਇੱਕ ਵਾਰ ਫਿਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਭਾਰੀ ਛੋਟ ਦੇ ਕੇ ਦੇਸ਼ ਦੀ ਜਨਤਾ ‘ਤੇ ਪਿਆ ਇੱਕ ਲੱਖ ਕਰੋੜ ਰੁਪਏ ਦਾ ਬੋਝ ਆਪਨੇ ਸਿਰ ਲੈ ਕੇ ਫਿਰ ‘ਤੋਂ ਲੋਕ-ਹਿਤੈਸ਼ੀ ਹੋਣ ਦਾ ਸਬੂਤ ਦਿੱਤਾ ਹੈ। ਉਨ੍ਹਾਂ ਮੋਦੀ ਸਰਕਾਰ ਵੱਲੋਂ ਗੈਸ ਸਿਲੰਡਰ ਦੀ ਕੀਮਤ ਵਿੱਚ 200 ਰੁਪਏ ਦੀ ਕਟੌਤੀ ਨੂੰ ਸ਼ਲਾਘਾਯੋਗ ਕਦਮ ਦੱਸਦਿਆਂ ਕਿਹਾ ਕਿ ਇਸ ਨਾਲ ਸਾਡੇ ਦੇਸ਼ ਦੇ ਗਰੀਬ ਅਤੇ ਵੰਚਿਤ ਵਰਗ ਦੀਆਂ ਮਾਵਾਂ-ਭੈਣਾਂ ਨੂੰ ਬਹੁਤ ਵੱਡੀ ਰਾਹਤ ਮਿਲੇਗੀ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਘਟਾ ਕੇ ਆਮ ਜਨਤਾ ਅਤੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਸ਼ਰਮਾ ਨੇ ਕਿਹਾ ਕਿ ਆਪਣੇ ਆਪ ਨੂੰ ਆਮ ਆਦਮੀ ਦੀ ਸਰਕਾਰ ਅਖਵਾਉਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਕੇਂਦਰ ਦੀ ਮੋਦੀ ਸਰਕਾਰ ਦੀ ਤਰਜ਼ ‘ਤੇ ਸੂਬੇ ਦੀਆਂ ਵੈਟ ਦਰਾਂ ਵਿੱਚ ਤੁਰੰਤ ਕਟੌਤੀ ਕਰਕੇ ਸੂਬੇ ਦੇ ਲੋਕਾਂ ਨੂੰ ਰਾਹਤ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪੈ ਰਹੀ ਅੱਤ ਦੀ ਗਰਮੀ ਅਤੇ ਮਾਨ ਸਰਕਾਰ ਵੱਲੋਂ ਸੂਬੇ ਵਿੱਚ ਲਗਾਏ ਜਾ ਰਹੇ ਲੰਮੇ ਬਿਜਲੀ ਕੱਟਾਂ ਨੇ ਜਿੱਥੇ ਆਮ ਲੋਕਾਂ ਦਾ ਜਿਊਣਾ ਮੁਹਾਲ ਕਰ ਦਿੱਤਾ ਹੈ, ਉੱਥੇ ਹੀ ਕਿਸਾਨਾਂ ਨੂੰ ਵੀ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਵੱਲੋਂ ਪਿੰਡਾਂ ਵਿੱਚ 14 ਤੋਂ 16 ਘੰਟੇ ਦੇ ਬਿਜਲੀ ਕੱਟਾਂ ਕਾਰਨ ਇਸ ਵੇਲੇ ਆਪਣੀਆਂ ਫ਼ਸਲਾਂ ਦੀ ਬਿਜਾਈ ਲਈ ਮਹਿੰਗੇ ਭਾਅ ਦਾ ਡੀਜ਼ਲ ਖ਼ਰੀਦ ਕੇ ਬਿਜਾਈ ਕੀਤੀ ਜਾ ਰਹੀ ਹੈ। ਅਜਿਹੇ ‘ਚ ਮੋਦੀ ਸਰਕਾਰ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਕਟੌਤੀ ਕਰਕੇ ਕਿਸਾਨਾਂ ਅਤੇ ਆਮ ਜਨਤਾ ਨੂੰ ਵੱਡੀ ਰਾਹਤ ਦਿੱਤੀ ਹੈ। ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਕੇਂਦਰ ਸਰਕਾਰ ਦੀ ਤਰਜ਼ ‘ਤੇ ਸੂਬੇ ‘ਚ ਪੈਟਰੋਲ ਅਤੇ ਡੀਜ਼ਲ ‘ਤੇ ਸੂਬਾਈ ਵੈਟ ਕਟੌਤੀ ਕਰਕੇ ਤੁਰੰਤ ਵੱਡੀ ਰਾਹਤ ਦੇਣ ਦੀ ਅਪੀਲ ਕੀਤੀ।