ਅਸ਼ਵਨੀ ਸ਼ਰਮਾ ਨੇ ਸਿੱਧੂ ਮੂਸੇਵਾਲਾ ਦੇ ਗ੍ਰਹਿ ਵਿਖੇ ਪੁੱਜ ਕੇ ਪੀੜਤ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਚੰਡੀਗੜ੍ਹ/ਅੰਮ੍ਰਿਤਸਰ: 31 ਮਈ (ਪਵਿੱਤਰ ਜੋਤ) : ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਘਰ ਪੁੱਜ ਕੇ ਪੀੜਤ ਪਰਿਵਾਰ ਅਤੇ ਉਨ੍ਹਾਂ ਦੇ ਕਰੀਬੀਆਂ ਨਾਲ ਦੁਖ ਸਾਂਝਾ ਕੀਤਾ। ਸ਼ਰਮਾ ਨੇ ਪੀੜਿਤ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਭਾਰਤੀ ਜਨਤਾ ਪਾਰਟੀ ਉਹਨਾਂ ਦੀ ਇਨਸਾਫ਼ ਦੀ ਲੜਾਈ ਵਿੱਚ ਪੀੜਤ ਪਰਿਵਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਲੜੇਗੀ।
ਅਸ਼ਵਨੀ ਸ਼ਰਮਾ ਨੇ ਇਸ ਮੌਕੇ ਕਿਹਾ ਕਿ ਸਿੱਧੂ ਮੂਸੇਵਾਲਾ ਨੇ ਬਹੁਤ ਹੀ ਛੋਟੀ ਉਮਰ ਵਿੱਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ ਅਤੇ ਪੰਜਾਬੀ ਫਿਲਮ ਇੰਡਸਟਰੀ ਵਿੱਚ ਆਪਣਾ ਨਾਮ ਰੌਸ਼ਨ ਕਰਕੇ ਆਪਣੀ ਥਾਂ ਬਣਾਈ। ਉਨ੍ਹਾਂ ਦੇ ਅਕਾਲ ਚਲਾਣੇ ਨਾਲ ਜਿੱਥੇ ਪੰਜਾਬੀ ਗਾਇਕੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦਾ ਕਤਲ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਨਾਲਾਇਕੀ ਦਾ ਨਤੀਜਾ ਹੈ, ਜਿਸ ਨੇ ਪੰਜਾਬ ਦੇ ਵੱਖ-ਵੱਖ 424 ਲੋਕਾਂ ਦੀ ਸੁਰੱਖਿਆ ਵਾਪਸ ਲੈ ਕੇ ਉਨ੍ਹਾਂ ਦੀ ਜਾਨ ਨੂੰ ਵੱਡੇ ਖਤਰੇ ਵਿੱਚ ਪਾ ਦਿੱਤਾ ਹੈ। ਜਦ ਕਿ ਆਮ ਆਦਮੀ ਪਾਰਟੀ ਦੇ ਇਹ ਨੇਤਾ ਖੁਦ ਕਰੜੀ ਸੁਰਖਿਆ ਵਿੱਚ ਰਹਿੰਦੇ ਹਨI ਇੰਨਾ ਹੀ ਨਹੀਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਨ੍ਹਾਂ 424 ਲੋਕਾਂ ਦੀ ਸੁਰੱਖਿਆ ਵਾਪਸ ਲੈ ਕੇ ਆਪਣੀ ਝੂਠੀ ਵਾਹਵਾਹੀ ਲੁੱਟਣ ਬਾਰੇ ਮੀਡੀਆ ‘ਤੇ ਵਧ-ਚੜ ਕੇ ਪ੍ਰਚਾਰ ਕੀਤਾ ਗਿਆ, ਤਾਂ ਜੋ ਗੈਂਗਸਟਰ ਅਤੇ ਅਪਰਾਧੀ ਆਪਣੇ ਮਨਸੂਬਿਆਂ ਨੂੰ ਆਸਾਨੀ ਨਾਲ ਅੰਜਾਮ ਦੇ ਸਕਣ। ਇਸੇ ਦਾ ਨਤੀਜਾ ਸਿੱਧੂ ਮੂਸੇਵਾਲਾ ਦੇ ਕਤਲ ਦੇ ਰੂਪ ਵਿੱਚ ਸਾਹਮਣੇ ਆਇਆ। ਸ਼ਰਮਾ ਨੇ ਸਿੱਧੂ ਮੂਸੇਵਾਲਾ ਦੇ ਕਤਲ ਲਈ ਕੇਜਰੀਵਾਲ, ਰਾਘਵ ਚੱਢਾ, ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਇਆ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਮਾਨਯੋਗ ਰਾਜਪਾਲ ਤੋਂ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ NIA ਤੋਂ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਇਸ ਮੌਕੇ ਸੂਬੇ ਦੇ ਜਨਰਲ ਸਕੱਤਰ ਰਾਜੇਸ਼ ਬਾਘਾ, ਡਾ. ਸੁਭਾਸ਼ ਸ਼ਰਮਾ, ਦਿਆਲ ਸਿੰਘ ਸੋਢੀ, ਰਾਣਾ ਸੋਢੀ, ਭਾਜਪਾ ਜ਼ਿਲਾ ਪ੍ਰਧਾਨ ਮੱਖਣ ਜਿੰਦਲ ਅਤੇ ਹੋਰ ਸੀਨੀਅਰ ਭਾਜਪਾ ਆਗੂ ਵੀ ਉਹਨਾਂ ਦੇ ਨਾਲ ਸਨ।