ਵਿਦੇਸ਼ਾਂ ਦੇ ਧਾਰਮਿਕ ਸਥਾਨਾਂ ਅਤੇ ਸਿੱਖਾਂ ਦੀ ਜਾਨ ਮਾਲ ਦੀ ਰਾਖੀ ਲਈ ਠੋਸ ਤੇ ਸਖ਼ਤ ਕਦਮ ਚੁੱਕੇ ਜਾਣ ਫੈਡਰੇਸ਼ਨ ( ਮਹਿਤਾ )
______
ਅੰਮ੍ਰਿਤਸਰ,18 ਜੂਨ (ਅਰਵਿੰਦਰ ਵੜੈਚ)- ਅਫਗਾਨਿਸਤਾਨ ਦੇ ਕਾਬੁਲ ਸ਼ਹਿਰ ਸਥਿਤ ਗੁਰਦੁਆਰਾ ਸਾਹਿਬ ਕਰਤੇ ਪਰਵਾਨ ਵਿਖੇ ਹੋਏ ਅੱਤਵਾਦੀ ਹਮਲੇ ਦੇ ਨਾਲ ਸਮੂਹ ਸਿੱਖ ਭਾਈਚਾਰੇ ਵਿੱਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਗੁਰਦੁਆਰਾ ਸਾਹਿਬ ਤੇ ਹੋਏ ਹਮਲੇ ਨੂੰ ਲੈ ਕੇ ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੇ ਪ੍ਰਧਾਨ ਅਮਰਬੀਰ ਸਿੰਘ ਢੋਟ ਨੇ ਕਿਹਾ ਕਿ ਗੁਰਦੁਆਰਾ ਕਰਤੇ ਪਰਵਾਨ ਵਿਖੇ ਅੱਤਵਾਦੀਆਂ ਵੱਲੋਂ ਕੀਤਾ ਗਿਆ ਹਮਲਾ ਬਹੁਤ ਹੀ ਮੰਦਭਾਗਾ ਹੈ। ਇਸ ਨਾਲ ਲੋਕਾਂ ਦੇ ਦਿਲਾਂ ਤੇ ਭਾਰੀ ਠੇਸ ਪਹੁੰਚੀ ਹੈ। ਢੋਟ ਨੇ ਹਿੰਦੁਸਤਾਨ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਵਿਦੇਸ਼ ਮੰਤਰੀ ਡਾ. ਐਸ਼ ਜੈਸ਼ੰਕਰ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਵਿਦੇਸ਼ਾਂ ਦੇ ਧਾਰਮਿਕ ਸਥਾਨਾਂ ਅਤੇ ਘਟਗਿਣਤੀ ਸਿੱਖਾਂ ਦੀ ਜਾਨ ਮਾਲ ਦੀ ਰਾਖੀ ਨੂੰ ਲੈ ਕੇ ਠੋਸ ਤੇ ਸਖਤ ਕਦਮ ਚੁੱਕੇ ਜਾਣ। ਦੇਸ਼ ਵਿਦੇਸ਼ਾਂ ਵਿੱਚ ਜਦੋਂ ਵੀ ਕੋਈ ਕੁਦਰਤੀ ਆਫ਼ਤ ਜਾਂ ਮੁਸ਼ਕਿਲ ਆਉਂਦੀ ਹੈ ਤਾਂ ਸਿੱਖ ਧਰਮ ਦੇ ਲੋਕ ਬਿਨਾਂ ਕਿਸੇ ਲਾਲਚ ਤੇ ਸਵਾਰਥ ਦੇ ਦੂਸਰਿਆਂ ਦੀ ਸਹਾਇਤਾ ਹਮੇਸ਼ਾਂ ਕਰਦੇ ਹਨ। ਅਜਿਹੇ ਹਮਲੇ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਪ੍ਰਧਾਨ ਮੰਤਰੀ ਨੂੰ ਚਾਹੀਦਾ ਹੈ ਕਿ ਅੰਤਰਰਾਸ਼ਟਰੀ ਪੱਧਰ ਤੇ ਗੱਲਬਾਤ ਕਰਦੇ ਹੋਏ ਘੱਟ ਗਿਣਤੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।