ਚੰਡੀਗੜ੍ਹ/ਅੰਮ੍ਰਿਤਸਰ 27 ਅਕਤੂਬਰ (ਪਵਿੱਤਰ ਜੋਤ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੁਜਰਾਤ, ਹਿਮਾਚਲ ਪ੍ਰਦੇਸ਼ ਅਤੇ ਹੋਰ ਚੋਣ ਵਾਲਿਆਂ ਸੂਬਿਆਂ ਵਿੱਚ ਆਮ ਆਦਮੀ ਪਾਰਟੀ ਦੇ ਪ੍ਰਚਾਰ ਲਈ ਜਾਰੀ ਕੀਤੇ ਜਾ ਰਹੇ ਇਸ਼ਤਿਹਾਰਾਂ ਵਿੱਚ ਪੰਜਾਬ ਦੇ ਖਜ਼ਾਨੇ ਵਿੱਚੋਂ ਪੈਸੇ ਖਰਚ ਕੀਤੇ ਜਾਣ ਦਾ ਸਖ਼ਤ ਨੋਟਿਸ ਲੈਂਦਿਆਂ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਪਹਿਲਾਂ ਹੀ ਕਰਜ਼ੇ ਦੇ ਬੋਝ ਹੇਠ ਦੱਬੇ ਪੰਜਾਬ ਨੂੰ ਹੋਰ ਡੁੱਬਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਆਮ ਆਦਮੀ ਪਾਰਟੀ ਕੋਲ ਸੂਬੇ ਨੂੰ ਚਲਾਉਣ ਅਤੇ ਇਸ ਦੇ ਵਿਕਾਸ ਦਾ ਕੋਈ ਵਿਜ਼ਨ ਨਹੀਂ ਹੈ।
ਜੀਵਨ ਗੁਪਤਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੁਜਰਾਤ ਚੋਣਾਂ ਵਿੱਚ 1 ਕਰੋੜ 74 ਲੱਖ 82 ਹਜ਼ਾਰ 746 ਰੁਪਏ (17,482,746 ਰੁਪਏ) ਖਰਚ ਕੀਤੇ ਗਏ ਹਨ, ਜੋ ਕਿ ਪੰਜਾਬ ਸਰਕਾਰ ਦੀ ਅਧਿਕਾਰਤ ਵੈੱਬਸਾਈਟ ‘ਤੇ ਦਰਸਾਏ ਗਏ ਹਨ। ਇੰਨਾ ਹੀ ਨਹੀਂ ਪੰਜਾਬ ਵਿੱਚ 2,920,134 ਰੁਪਏ, ਮਹਾਰਾਸ਼ਟਰ ਵਿੱਚ 267,024 ਰੁਪਏ ਅਤੇ ਰਾਜਸਥਾਨ ਵਿੱਚ 122,527 ਰੁਪਏ ਖਰਚ ਕੀਤੇ ਗਏ ਹਨ। ਗੁਪਤਾ ਨੇ ਕਿਹਾ ਕਿ ਭਗਵੰਤ ਮਾਨ ਅਤੇ ਕੇਜਰੀਵਾਲ ਦੋਵੇਂ ਪੰਜਾਬ ਦੇ ਖ਼ਜ਼ਾਨੇ ਨੂੰ ਬਰਬਾਦ ਕਰਨ ਵਿੱਚ ਲੱਗੇ ਹਨ। ਭਗਵੰਤ ਮਾਨ ਕੇਜਰੀਵਾਲ ਨੂੰ ਖੁਸ਼ ਕਰਨ ਲਈ ਪੰਜਾਬ ਦੇ ਖਜ਼ਾਨੇ ਦੀ ਦੁਰਵਰਤੋਂ ਕਰਨ ਵਿੱਚ ਲੱਗੇ ਹੋਏ ਹਨ।
ਜੀਵਨ ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਜਰੀਵਾਲ ਦੋਵੇਂ ਪੰਜਾਬ ਵਿੱਚ ਦਿੱਲੀ ਮਾਡਲ ਲਾਗੂ ਕਰਕੇ ਪੰਜਾਬ ਦਾ ਖਜ਼ਾਨਾ ਭਰਨ ਅਤੇ ਪੰਜਾਬ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ‘ਤੇ ਲਿਜਾਣ ਦੀਆਂ ਵੱਡੀਆਂ-ਵੱਡੀਆਂ ਗੱਲਾਂ ਕਰਦੇ ਹਨ। ਪਰ ਅੱਜ ਹਕੀਕਤ ਇਸ ਦੇ ਬਿਲਕੁਲ ਉਲਟ ਹੈ। ਭਗਵੰਤ ਮਾਨ ਨੇ ਪਿਛਲੇ 7 ਮਹੀਨਿਆਂ ‘ਚ ਵੱਖ-ਵੱਖ ਵਿਆਜ ਦਰਾਂ ‘ਤੇ ਕਰੀਬ 15 ਹਜ਼ਾਰ ਕਰੋੜ ਦਾ ਕਰਜ਼ਾ ਲਿਆ ਹੈ। ਗੁਪਤਾ ਨੇ ਕਿਹਾ ਕਿ ਭਗਵੰਤ ਮਾਨ ਇੱਕ ਕਰਜ਼ਾ ਮੋੜਨ ਲਈ ਦੂਜਾ ਕਰਜ਼ਾ ਲੈ ਰਹੇ ਹਨ। ਭਗਵੰਤ ਮਾਨ ਕੋਲ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਤਨਖਾਹਾਂ ਦੇਣ ਲਈ ਪੈਸੇ ਨਹੀਂ ਹਨ, ਜਦੋਂ ਕਿ ਮੁੱਖ ਮੰਤਰੀ ਭਗਵੰਤ ਮਾਨ ਖੁਦ ਅਤੇ ਉਨ੍ਹਾਂ ਦੇ ਮੰਤਰੀ ਪੰਜਾਬ ਦੇ ਖਜ਼ਾਨੇ ਨੂੰ ਚੂਨਾ ਲਾ ਕੇ ਐਸ਼ ਕਰ ਰਹੇ ਹਨ। ਗੁਪਤਾ ਨੇ ਭਗਵੰਤ ਮਾਨ ਅਤੇ ਕੇਜਰੀਵਾਲ ਨੂੰ ਪੁੱਛਿਆ ਕਿ ਕੀ ਇਹ ਦਿੱਲੀ ਮਾਡਲ ਹੈ?
ਜੀਵਨ ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕੋਲੋਂ ਪਹਿਲਾਂ ਹੀ ਤਾਇਨਾਤ ਸਰਕਾਰੀ ਮੁਲਾਜ਼ਮਾਂ ਨੂੰ ਤਨਖਾਹਾਂ ਨਹੀਂ ਦਿੱਤੀਆਂ ਜਾ ਰਹੀਆਂ ਅਤੇ ਉਪਰੋਂ ਸਰਕਾਰੀ ਵਿਭਾਗਾਂ ਵਿੱਚ ਨਵੀਆਂ ਨਿਯੁਕਤੀਆਂ ਲਈ ਐਲਾਨ ਕੀਤੇ ਜਾ ਰਹੇ ਹਨ। ਗੁਪਤਾ ਨੇ ਸਵਾਲ ਕੀਤਾ ਕਿ ਪੰਜਾਬ ਦੇ ਵੱਖ-ਵੱਖ ਵਿਭਾਗਾਂ ‘ਚ ਨਵੀਆਂ ਅਸਾਮੀਆਂ ‘ਤੇ ਨਿਯੁਕਤ ਕੀਤੇ ਜਾਣ ਵਾਲੇ ਮੁਲਾਜ਼ਮਾਂ ਦੀਆਂ ਤਨਖਾਹਾਂ ਲਈ ਭਗਵੰਤ ਮਾਨ ਕੋਲ ਪੈਸਾ ਕਿੱਥੋਂ ਆਵੇਗਾ? ਪੰਜਾਬ ਦੀ ਆਰਥਿਕ ਹਾਲਤ ਸੁਧਾਰਨ ਅਤੇ ‘ਰੰਗਲਾ ਪੰਜਾਬ’ ਬਣਾਉਣ ਦੀਆਂ ਵੱਡੀਆਂ-ਵੱਡੀਆਂ ਗੱਲਾਂ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ, ਕੇਜਰੀਵਾਲ ਅਤੇ ਰਾਘਵ ਚੱਢਾ ਨੇ ਪੰਜਾਬ ਨੂੰ ਖੂਨ ਨਾਲ ਰੰਗਿਆ ਪੰਜਾਬ ਬਣਾ ਦਿੱਤਾ ਹੈ। ਭਗਵੰਤ ਮਾਨ ਸਰਕਾਰ ਪੰਜਾਬ ਦੇ ਲੋਕਾਂ ਦੇ ਟੈਕਸਾਂ ਦੇ ਕਰੋੜਾਂ ਰੁਪਏ ਆਪਣੀ ਸਰਕਾਰ ਦੇ ਝੂਠੇ ਇਸ਼ਤਿਹਾਰਾਂ ਵਿੱਚ ਬਰਬਾਦ ਕਰ ਰਹੀ ਹੈ। ਭਗਵੰਤ ਮਾਨ ਪੰਜਾਬ ਨੂੰ ਰੱਬ ਭਰੋਸੇ ਛੱਡ ਕੇ ਦੂਜੇ ਸੂਬਿਆਂ ਦੀ ਸੈਰ ਵਿੱਚ ਰੁੱਝੇ ਹੋਏ ਹਨ।