ਬਹੁਜਨ ਸਮਾਜ ਦੇ ਅਧਿਕਾਰ ਖੋਹਣ ਖਿਲਾਫ ਮਜ਼ਬੂਤੀ ਨਾਲ ਸੰਘਰਸ਼ ਕਰੇਗੀ ਬਸਪਾ
ਚੰਡੀਗੜ੍ਹ/ਅੰਮ੍ਰਿਤਸਰ, 27 ਅਕਤੂਬਰ (ਪਵਿੱਤਰ ਜੋਤ) : ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਕੱਚੇ ਕਰਮਚਾਰੀਆਂ ਨੂੰ ਪੱਕੇ ਕਰਨ ਲਈ ਤਿਆਰ ਕੀਤੇ ਗਏ ਸਪੈਸ਼ਲ ਕੈਡਰ ਪਾਲਿਸੀ ਵਿੱਚ ਰਾਖਵਾਂਕਰਨ ਨੂੰ ਖਤਮ ਕਰਨ ਦੀ ਬਹੁਜਨ ਸਮਾਜ ਪਾਰਟੀ ਨੇ ਸਖਤ ਨਿਖੇਧੀ ਕੀਤੀ ਹੈ। ਜਾਰੀ ਬਿਆਨ ਵਿੱਚ ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਦਲਿਤ ਵਿਰੋਧੀ ਚੇਹਰਾ ਸਾਹਮਣੇ ਆ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ 7 ਮਹੀਨਿਆਂ ਦੇ ਕਾਰਜਕਾਲ ਵਿੱਚ ਦੂਜੀ ਵਾਰ ਰਾਖਵਾਂਕਰਨ ਉਤੇ ਹਮਲਾ ਬੋਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਸਪੈਸ਼ਲ ਕੈਡਰ ਦੀ ਲਿਆਂਦੀ ਗਈ ਪਾਲਿਸੀ ਵਿੱਚ ਰਾਖਵਾਂਕਰਨ ਨੂੰ ਸਰਕਾਰ ਨੇ ਜਾਣਬੁੱਝ ਕੇ ਖਤਮ ਕਰਕੇ ਅਨੁਸੂਚਿਤ ਜਾਤੀ, ਪਛੜੀਆਂ ਸ਼੍ਰੇਣੀਆਂ ਅਤੇ ਹੋਰ ਵੱਖ ਵੱਖ ਕੈਟਾਗਿਰੀਆਂ ਦੇ ਅਧਿਕਾਰਾਂ ਵੱਡਾ ਹਮਲਾ ਕੀਤਾ ਹੈ। ਸ ਗੜ੍ਹੀ ਨੇ ਕਿਹਾ ਕਿ ‘ਆਪ’ ਸਰਕਾਰ ਨੇ ਪਹਿਲਾਂ ਐਡਵੋਕੈਟ ਜਨਰਲ ਦੇ ਦਫ਼ਤਰ ਵਿਚੋਂ ਦਲਿਤ ਤੇ ਪਿਛੜੀਆਂ ਸ਼੍ਰੇਣੀਆਂ ਨੂੰ ਨਜ਼ਰਅੰਦਾਜ਼ ਕੀਤਾ, ਹੁਣ ਸੰਵਿਧਾਨ ਦੇ ਬਿਲਕੁਲ ਉਲਟ ਜਾਕੇ ਸਪੈਸ਼ਲ ਕੈਡਰ ਦੀ ਨੀਤੀ ਤਹਿਤ ਰਾਖਵਾਂਕਰਨ ਹੀ ਖਤਮ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਡਾ. ਅੰਬੇਦਡਰ ਸਾਹਿਬ ਵੱਲੋਂ ਸੰਵਿਧਾਨ ਵਿੱਚ ਦਿੱਤੇ ਗਏ ਰਾਖਵਾਂਕਰਨ ਨੂੰ ਖਤਮ ਕਰਨ ਲਈ ਆਮ ਆਦਮੀ ਪਾਰਟੀ ਦੇ ਮਨਸੂਬਿਆਂ ਨੂੰ ਕਦੇ ਵੀ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਦਲਿਤ ਭਾਈਚਾਰੇ, ਪਛੜੀਆਂ ਸ਼੍ਰੇਣੀਆਂ ਤੇ ਹੋਰ ਸਮੂਹ ਪੰਜਾਬੀਆਂ ਨੂੰ ਲਾਮਬੰਦ ਕਰਕੇ ‘ਆਪ’ ਸਰਕਾਰ ਖਿਲਾਫ ਆਰ-ਪਾਰ ਦੀ ਲੜਾਈ ਲੜੇਗੀ ਨੂੰ ਮਜ਼ਬੂਤ ਤਰੀਕੇ ਨਾਲ ਲੜੇਗੀ।