ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਨੂੰ ਲੈ ਕੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

0
35

ਬੁਢਲਾਡਾ, 3 ਜਨਵਰੀ (ਦਵਿੰਦਰ ਸਿੰਘ ਕੋਹਲੀ)-ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਗਣਤੰਤਰ ਦਿਵਸ ਮੌਕੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਲੈ ਕੇ ਸਥਾਨਕ ਬੱਚਤ ਭਵਨ ਵਿਖੇ ਵੱਖ ਵੱਖ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਸਮਾਗਮ ਸਬੰਧੀ ਆਪਣੀ ਡਿਊਟੀ ਪੂਰੀ ਮਿਹਨਤ ਅਤੇ ਲਗਨ ਨਾਲ ਨਿਭਾਉਣ ਲਈ ਕਿਹਾ।ਉਨ੍ਹਾਂ ਦੱਸਿਆ ਕਿ ਗਣਤੰਤਰਤਾ ਦਿਵਸ ਸਬੰਧੀ ਫੁੱਲ ਡਰੈੱਸ ਰਿਹਰਸਲ 24 ਜਨਵਰੀ ਨੂੰ ਹੋਵੇਗੀ। ਉਨ੍ਹਾਂ ਵੱਖ-ਵੱਖ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਇਸ ਮੌਕੇ ਸ਼ਹਿਰ ਦੀਆਂ ਮੁੱਖ ਥਾਵਾਂ ਅਤੇ ਚੌਂਕਾਂ ਨੂੰ ਸਜਾਉਣ ਲਈ ਸੁਚੱਜੇ ਪ੍ਰਬੰਧਤ ਕੀਤੇ ਜਾਣ। ਉਨ੍ਹਾਂ ਪੁਲਿਸ ਵਿਭਾਗ ਨੂੰ ਸੁਰੱਖਿਆ ਅਤੇ ਪਾਰਕਿੰਗ ਦੀ ਸੁਵਿਧਾ ਦਾ ਪ੍ਰਬੰਧ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਾਰਜਸਾਧਕ ਅਫ਼ਸਰ ਨੂੰ ਸਮਾਗਮ ਵਾਲੀ ਥਾਂ ਅਤੇ ਆਲੇ ਦੁਆਲੇ ਸਾਫ ਸਫਾਈ ਦੇ ਵਿਸ਼ੇਸ਼ ਪ੍ਰਬੰਧ ਕਰਨ ਦੇ ਆਦੇਸ਼ ਜਾਰੀ ਕੀਤੇ।ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਦੇਸ਼ ਭਗਤੀ ਨੂੰ ਦਰਸਾਉਂਦਾ ਸੱਭਿਆਚਾਰਕ ਪ੍ਰੋਗਰਾਮ ਤਿਆਰ ਕਰਵਾਇਆ ਜਾਵੇਗਾ। ਇਸ ਤੋਂ ਬਿਨ੍ਹਾਂ ਵੱਖ ਵੱਖ ਵਿਭਾਗਾਂ ਵੱਲੋਂ ਸਰਕਾਰੀ ਸਕੀਮਾਂ ਅਤੇ ਪ੍ਰੋਗਰਾਮਾਂ ਸਬੰਧੀ ਝਾਕੀਆਂ ਵੀ ਤਿਆਰ ਕੀਤੀਆਂ ਜਾਣਗੀਆਂ। ਉਨ੍ਹਾਂ ਮੁੜ ਦੁਹਰਾਇਆ ਕਿ ਸਮੂਹ ਅਧਿਕਾਰੀ ਸਮਾਂ ਰਹਿੰਦੇ ਸਮਾਗਮ ਸਬੰਧੀ ਲੋੜੀਂਦੇ ਪ੍ਰਬੰਧ ਮੁਕੰਮਲ ਕਰਨੇ ਯਕੀਨੀ ਬਣਾਉਣ।
ਇਸ ਮੌਕੇ ਐਸ.ਐਸ.ਪੀ. ਡਾ. ਨਾਨਕ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਉਪਕਾਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਟੀ. ਬੈਨਿਥ, ਐਸ.ਡੀ.ਐਮ. ਮਾਨਸਾ ਸ੍ਰੀ ਹਰਜਿੰਦਰ ਸਿੰਘ ਜੱਸਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

NO COMMENTS