ਅੰਮ੍ਰਿਤਸਰ/ ਚੰਡੀਗੜ੍ਹ, 14 ਅਪ੍ਰੈਲ ( ਪਵਿੱਤਰ ਜੋਤ ) : ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੇ ਸ਼ੁਭ ਦਿਹਾੜੇ ਮੌਕੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਆਮ ਸ਼ਰਧਾਲੂ ਵਾਂਗ ਮੱਥਾ ਟੇਕ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਅਸ਼ਵਨੀ ਸ਼ਰਮਾ ਨੇ ਸਮੂਹ ਪੰਜਾਬ ਵਾਸੀਆਂ ਨੂੰ ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੇ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ ਅਤੇ ਗੁਰੂ ਚਰਨਾਂ ਵਿੱਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ, ਭਾਜਪਾ ਦਲਿਤ ਆਗੂ ਗੇਜਾ ਰਾਮ ਆਦਿ ਵੀ ਹਾਜ਼ਰ ਸਨ।
ਅਸ਼ਵਨੀ ਸ਼ਰਮਾ ਨੇ ਇਸ ਮੌਕੇ ਕਿਹਾ ਕਿ ਗੁਰੂ ਸਾਹਿਬ ਦੇ ਸਭ ਤੋਂ ਛੋਟੇ ਸਾਹਿਬਜ਼ਾਦੀਆਂ ਬਾਬਾ ਫਤਹਿ ਸਿੰਘ ਜੀ ਦੇ ਨਾਂ ‘ਤੇ ਇਸ ਦਾ ਨਾਂ ਫਤਿਹਗੜ੍ਹ ਸਾਹਿਬ ਰੱਖਿਆ ਗਿਆ ਹੈ। ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੇ ਚਰਨਾਂ ਛੋਹ ਪ੍ਰਾਪਤ ਮਹਾਨ ਸ਼ਹਾਦਤ ਦੀ ਪਵਿੱਤਰ ਧਰਤੀ ਫਤਹਿਗੜ੍ਹ ਸਾਹਿਬ ਸਾਡੇ ਸਾਰਿਆਂ ਲਈ ਬਹੁਤ ਹੀ ਵਡਮੁੱਲੀ ਅਤੇ ਸਤਿਕਾਰਯੋਗ ਹੈ। ਇਹ ਧਰਤੀ ਹਰ ਧਰਮ ਦੇ ਲੋਕਾਂ ਦੀ ਵੱਡੀ ਆਸਥਾ ਦਾ ਕੇਂਦਰ ਹੈ ਅਤੇ ਇੱਥੇ ਮੱਥਾ ਟੇਕ ਕੇ ਹਰ ਕੋਈ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦਾ ਹੈ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹਰ ਸਾਲ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਐਲਾਨ ਕੀਤਾ ਹੈ, ਜੋ ਕੀ ਉਹਨਾਂ ਨੂੰ ਸੱਚੀ ਸ਼ਰਧਾਂਜਲੀ ਹੈ। ਪ੍ਰਧਾਨ ਮੰਤਰੀ ਮੋਦੀ ਦੇ ਇਸ ਐਲਾਨ ਨਾਲ ਆਉਣ ਵਾਲੀ ਨੌਜਵਾਨ ਪੀੜ੍ਹੀ ਨੂੰ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਅਤੇ ਸਿੱਖ ਇਤਿਹਾਸ ਦੀਆਂ ਕੁਰਬਾਨੀਆਂ ਬਾਰੇ ਜਾਣਕਾਰੀ ਮਿਲੇਗੀ ਅਤੇ ਨੌਜਵਾਨ ਇਸ ਤੋਂ ਸਿੱਖ ਸਕਣਗੇ।