ਅੰਮ੍ਰਿਤਸਰ 29 ਸਤੰਬਰ (ਅਰਵਿੰਦਰ ਵੜੈਚ) : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਭਾਜਪਾ ਉਮੀਦਵਾਰ ਸਾਬਕਾ ਆਈਏਐਸ ਡਾ: ਜਗਮੋਹਨ ਸਿੰਘ ਰਾਜੂ ਨੇ ਆਮ ਆਦਮੀ ਪਾਰਟੀ ਦੇ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦੇ ਦਾਅਵਿਆਂ ਨੂੰ ਖੋਖਲਾ ਕਰਾਰ ਦਿੰਦਿਆਂ ਕਿਹਾ ਕਿ ਇਹ ਲੋਕ ਆਪ ਹੀ ਨਸ਼ੇ ਦੇ ਵਪਾਰ ਵਿੱਚ ਸ਼ਾਮਲ ਹਨ। ਅੰਮ੍ਰਿਤਸਰ ਦੇ ਇੱਕ ਵਿਧਾਇਕ ਦਾ ਹਵਾਲਾ ਦਿਨਿੰਦੀਆਂ ਰਾਜੂ ਨੇ ਕਿਹਾ ਕਿ ਇਹਨਾਂ ਦੇ ਆਪਣੇ ਵਿਧਾਇਕ ਹੀ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਹਨ।
ਡਾ: ਜਗਮੋਹਨ ਰਾਜੂ ਨੇ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ਼੍ਰੀਮਤੀ ਜੀਵਨਜੋਤ ਕੌਰ ਵੱਲੋਂ ਪਵਿੱਤਰ ਗੁਰੂਨਗਰੀ ਅੰਮ੍ਰਿਤਸਰ ਵਿੱਚ ਸ਼ਰਾਬ ਦੀਆਂ ਨਵੀਆਂ ਦੁਕਾਨਾਂ ਖੋਲ੍ਹਣ ਲਈ ਆਪਣੇ ਚਹੇਤਿਆਂ ਨੂੰ ਠੇਕੇ ਦੇ ਲਾਇਸੈਂਸ ਦੇਣ ਲਈ ਨਗਰ ਨਿਗਮ ਕਮਿਸ਼ਨਰ ਨੂੰ ਆਪਣੇ ਲੈਟਰਹੈੱਡ ‘ਤੇ ਪੱਤਰ ਲਿਖ ਕੇ ਖੋਲ੍ਹਣ ਦੀ ਇਜਾਜ਼ਤ ਦੇਣ ਦੀ ਸਿਫ਼ਾਰਿਸ਼ ਕੀਤੀ ਹੈ। ਡਾ: ਰਾਜੂ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਗੁਰੂਨਗਰੀ ਦੇ ਲੋਕਾਂ ਵੱਲੋਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ।
ਡਾ: ਰਾਜੂ ਨੇ ਕਿਹਾ ਕਿ ‘ਆਪ’ ਵਿਧਾਇਕਾ ਸ਼੍ਰੀਮਤੀ ਜੀਵਨ ਜੋਤ ਕੌਰ ਨੇ ਪਵਿੱਤਰ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ਲਈ ਇੱਕ ਕਾਰੋਬਾਰੀ ਘਰਾਣੇ ਲਈ ਜ਼ਿਲ੍ਹਾ ਅਧਿਕਾਰੀਆਂ ਨੂੰ ਸਿਫ਼ਾਰਸ਼ ਕੀਤੀ ਹੈ। ਉਨ੍ਹਾਂ ਸ਼ੱਕ ਜ਼ਾਹਰ ਕੀਤਾ ਕਿ ਉਕਤ ਕਾਰੋਬਾਰੀ ਘਰਾਣੇ ਵੱਲੋਂ ਸ੍ਰੀਮਤੀ ਜੀਵਨ ਜੋਤ ਕੌਰ ਨੂੰ ਇਹ ਸਿਫ਼ਾਰਸ਼ ਕਰਨ ਲਈ ਮੋਟੀ ਰਿਸ਼ਵਤ ਦਿੱਤੀ ਗਈ ਜਾਪਦੀ ਹੈ।
ਡਾ: ਰਾਜੂ ਨੇ ਕਿਹਾ ਕਿ ਵਿਸ਼ਵ ਪ੍ਰਸਿੱਧ ਸ੍ਰੀ ਅੰਮ੍ਰਿਤਸਰ ਸਾਹਿਬ ਸਿੱਖਾਂ ਦਾ ਸਭ ਤੋਂ ਪਵਿੱਤਰ ਸ਼ਹਿਰ ਹੈ ਅਤੇ ਇਸ ਪਵਿੱਤਰ ਸ਼ਹਿਰ ਦੇ ਆਲੇ-ਦੁਆਲੇ ਸ਼ਰਾਬ ਦੀਆਂ ਦੁਕਾਨਾਂ ਖੁੱਲ੍ਹਣ ਨਾਲ ਸਿੱਖਾਂ ਸਮੇਤ ਆਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੇਗੀ। ਇਸ ਨਾਲ ਨਾ ਸਿਰਫ਼ ਸਥਾਨਕ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ‘ਤੇ ਮਾੜਾ ਅਸਰ ਪਵੇਗਾ, ਸਗੋਂ ਸ਼ਰਾਬ ਦੀ ਬੇਕਾਬੂ ਵਰਤੋਂ ਵੀ ਜਨਤਕ ਖ਼ਤਰਾ ਬਣ ਜਾਵੇਗੀ। ਸ਼ਹਿਰ ਵਿੱਚ ਸੜਕਾਂ ਦੇ ਕਿਨਾਰੇ ਖਾਸ ਕਰਕੇ ਸ਼ਰਾਬ ਦੀਆਂ ਦੁਕਾਨਾਂ ਦੇ ਬਾਹਰ, ਸ਼ਰਾਬ ਪੀਣਾ ਆਮ ਗੱਲ ਬਣ ਜਾਵੇਗੀ।
ਡਾ: ਰਾਜੂ ਨੇ ਕਿਹਾ ਕਿ ਨਸ਼ੇੜੀਆਂ ਨੂੰ ਕਾਨੂੰਨ ਦਾ ਕੋਈ ਡਰ ਨਹੀਂ ਹੈ। ਔਰਤਾਂ ਵਿਰੁੱਧ ਅਪਰਾਧ, ਚੇਨ ਸਨੈਚਿੰਗ, ਘਰੇਲੂ ਹਿੰਸਾ ਅਤੇ ਸੈਲਾਨੀਆਂ ਵਿਰੁੱਧ ਅਪਰਾਧ ਦਿਨ-ਬ-ਦਿਨ ਵਧਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰੂਨਗਰੀ ਨਿਵਾਸੀਆਂ ਨੇ ਇਸ ਲਗਾਤਾਰ ਵੱਧ ਰਹੇ ਖ਼ਤਰੇ ‘ਤੇ ਚਿੰਤਾ ਪ੍ਰਗਟ ਕੀਤੀ ਹੈ ਅਤੇ ਇਸ ਖਤਰੇ ਨੂੰ ਸ਼ੁਰੂ ਹੋਣ ਤੋਂ ਪਹਿਲਾਂ ਖ਼ਤਮ ਕਰਨ ਦੀ ਅਪੀਲ ਕੀਤੀ ਹੈ।
ਡਾ: ਰਾਜੂ ਨੇ ਕਿਹਾ ਕਿ ਹਾਕਮ ਧਿਰ ਦੇ ਵਿਧਾਇਕਾਂ ਦੇ ਦਬਾਅ ਅੱਗੇ ਅਧਿਕਾਰੀ ਬੇਵੱਸ ਨਜ਼ਰ ਆ ਰਹੇ ਹਨ। ਸਾਡੇ ਸ਼ਹਿਰ ਨੂੰ ਸਕੂਲਾਂ, ਹਸਪਤਾਲਾਂ ਅਤੇ ਖੇਡ ਦੇ ਮੈਦਾਨਾਂ ਦੀ ਲੋੜ ਹੈ, ਸ਼ਰਾਬ ਦੀਆਂ ਦੁਕਾਨਾਂ ਦੀ ਨਹੀਂ।
ਡਾ: ਜਗਮੋਹਨ ਸਿੰਘ ਰਾਜੂ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ, ਨਗਰ ਨਿਗਮ ਕਮਿਸ਼ਨਰ ਅੰਮ੍ਰਿਤਸਰ ਅਤੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਜਨਤਾ ਦੀਆਂ ਭਾਵਨਾਵਾਂ ਅਤੇ ਗੁਰੁਨਗਰੀ ਦੇ ਭਵਿੱਖੀ ਸਥਿਤੀ ਨੂੰ ਧਿਆਨ ਵਿਚ ਰੱਖਦੇ ਹੋਏ, ਇਸ ਅਰਜ਼ੀ ਨੂੰ ਤੁਰੰਤ ਰੱਦ ਕੀਤਾ ਜਾਵੇ ਅਤੇ ਇਸਦੇ ਪਿਛਲੇ ਭ੍ਰਿਸ਼ਟਾਚਾਰ ਦੇ ਪਹਿਲੂ (ਰਿਸ਼ਵਤਖੋਰੀ), ਜੇਕਰ ਕੋਈ ਹੈ, ਤਾਂ ਇਸ ਸਿਫ਼ਾਰਸ਼ ਨੂੰ ਆਧਾਰ ਬਣਾ ਕੇ ਉਸਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ।