ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸੂਰਜੀ ਊਰਜਾ ਪਲਾਂਟ ਦਾ ਐਡਵੋਕੇਟ ਧਾਮੀ ਨੇ ਕੀਤਾ ਉਦਘਾਟਨ

0
19
78 ਕਿਲੋਵਾਟ ਦੀ ਸਮਰੱਥਾ ਵਾਲਾ ਹੈ ਇਹ ਸੋਲਰ ਪਲਾਂਟ
ਅੰਮ੍ਰਿਤਸਰ, 28 ਫ਼ਰਵਰੀ- (ਪਵਿੱਤਰ ਜੋਤ) : ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਬਿਜਲੀ ਸਪਲਾਈ ਲਈ ਲਗਾਏ ਗਏ ਸੋਲਰ ਪਲਾਂਟ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅੱਜ ਅਰਦਾਸ ਉਪਰੰਤ ਉਦਘਾਟਨ ਕੀਤਾ ਗਿਆ। ਇਸ ਸੋਲਰ ਪਲਾਂਟ ਦੀ ਸੇਵਾ ਯੂਨਾਈਟਡ ਸਿੱਖ ਮਿਸ਼ਨ ਅਮਰੀਕਾ ਵੱਲੋਂ ਕਰਵਾਈ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੋਲਰ ਪਲਾਂਟ ਦੀ ਸ਼ੁਰੂਆਤ ਮੌਕੇ ਕਿਹਾ ਕਿ ਯੂਨਾਈਟਡ ਸਿੱਖ ਮਿਸ਼ਨ ਅਮਰੀਕਾ ਦੇ ਸਹਿਯੋਗ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਠੱਠਾ (ਤਰਨ ਤਾਰਨ) ਵਿਖੇ ਸੋਲਰ ਪਲਾਂਟ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਤੀਸਰੇ ਪਲਾਂਟ ਦੀ ਸ਼ੁਰੂਆਤ ਕੀਤੀ ਗਈ ਹੈ, ਜੋ 78 ਕਿਲੋਵਾਟ ਦੀ ਸਮਰੱਥਾ ਨਾਲ ਕਾਰਜ ਕਰੇਗਾ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸੇ ਤਰ੍ਹਾਂ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਵਿਖੇ ਵੀ ਸੂਰਜੀ ਊਰਜਾ ਪਲਾਂਟ ਲਗਾਉਣ ਲਈ ਪ੍ਰਵਾਨਗੀਆਂ ਹੋ ਚੁੱਕੀਆਂ ਹਨ, ਜਿਸ ਦੀ ਜਲਦ ਸ਼ੁਰੂਆਤ ਕੀਤੀ ਜਾਵੇਗੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸੂਰਜੀ ਊਰਜਾ ਇਕ ਚੰਗੇ ਬਦਲ ਵਜੋਂ ਸਾਹਮਣੇ ਹੈ ਅਤੇ ਅੱਜ ਇਸ ਗੱਲ ਦੀ ਵੱਡੀ ਲੋੜ ਹੈ ਕਿ ਕੁਦਰਤੀ ਸਰੋਤਾਂ ਦੀ ਵਰਤੋਂ ਕਰਕੇ ਬਿਜਲੀ ਤਿਆਰ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸੂਰਜੀ ਊਰਜਾ ਨਾਲ ਬਿਜਲੀ ਪੈਦਾ ਹੋਣ ਕਰਕੇ ਜਿਥੇ ਬਿਜਲੀ ਦੀ ਸਮੱਸਿਆ ਦਾ ਹੱਲ ਹੋਵੇਗਾ, ਉਥੇ ਹੀ ਬਿਜਲੀ ਖਰਚੇ ਵੀ ਘਟਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਯੂਨਾਈਟਡ ਸਿੱਖ ਮਿਸ਼ਨ ਅਮਰੀਕਾ ਦੇ ਚੇਅਰਮੈਨ ਸ. ਰਸ਼ਪਾਲ ਸਿੰਘ ਢੀਂਡਸਾ ਅਤੇ ਹੋਰ ਨੁਮਾਇੰਦਿਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਮੈਂਬਰ ਭਾਈ ਮਨਜੀਤ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਾਬਕਾ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਫੈਡਰੇਸ਼ਨ ਦੇ ਪ੍ਰਧਾਨ ਭਾਈ ਕੰਵਰਚੜ੍ਹਤ ਸਿੰਘ, ਯੂਨਾਈਟਡ ਸਿੱਖ ਮਿਸ਼ਨ ਦੇ ਚੇਅਰਮੈਨ ਸ. ਰਸ਼ਪਾਲ ਸਿੰਘ ਢੀਂਡਸਾ, ਸ. ਅਵਤਾਰ ਸਿੰਘ, ਡਾ. ਐਨ. ਪੀ. ਸਿੰਘ, ਐਸ.ਬੀ ਸਿੰਘ ਮਰਵਾਹਾ, ਸ. ਰਣਜੀਤ ਸਿੰਘ, ਸ. ਬਲੌਰ ਸਿੰਘ, ਸੰਦਾਸ਼ੂ ਗੁਪਤਾ, ਮੈਨੇਜਰ ਸ. ਸੁਖਰਾਜ ਸਿੰਘ, ਵਧੀਕ ਮੈਨੇਜਰ ਸ. ਨਿਸ਼ਾਨ ਸਿੰਘ, ਮੀਤ ਮੈਨੇਜਰ ਸ. ਗੁਰਪ੍ਰੀਤ ਸਿੰਘ, ਸ. ਵਿਕਾਸ ਸਿੰਘ, ਸ. ਬਿਕਰਮਜੀਤ ਸਿੰਘ ਝੰਗੀ ਆਦਿ ਹਾਜ਼ਰ ਸਨ।

NO COMMENTS

LEAVE A REPLY