ਹੋਲਾ ਮਹੱਲਾ ਖ਼ਾਲਸੇ ਦੀ ਵਿਲੱਖਣਤਾ ਦਾ ਪ੍ਰਤੀਕ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

0
26

ਪੰਜਾਬ ਦੇ ਸਿੱਖ ਨੌਜਵਾਨਾਂ ਦੀ ਵਿਦੇਸ਼ਾਂ ਵਿਚ ਪਲਾਇਨ ’ਤੇ ਰੋਕਣ ਲਈ ਵਿਦੇਸ਼ੀ ਸਿੱਖ ਪੰਜਾਬ ਵਿਚ ਪੂੰਜੀ ਨਿਵੇਸ਼ ਕਰਨ : ਜਥੇਦਾਰ ਗਿਆਨੀ ਕੁਲਵੰਤ ਸਿੰਘ
ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਖ਼ਾਲਸਾਈ ਜਾਹੋ ਜਲਾਲ ਤੇ ਨਿਆਰੇਪਣ ਦਾ ਪ੍ਰਤੀਕ ਹੋਲਾ ਮਹੱਲਾ ਪੂਰੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ

ਅੰਮ੍ਰਿਤਸਰ 20 ਮਾਰਚ ( ਰਾਜਿੰਦਰ ਧਾਨਿਕ  ) :  ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲ ਨਗਰ ਨਾਂਦੇੜ ਵਿਖੇ ਖ਼ਾਲਸਾਈ ਪੰਥ ਦੇ ਜਾਹੋ ਜਲਾਲ ਤੇ ਨਿਆਰੇਪਣ ਦਾ ਪ੍ਰਤੀਕ ਕੌਮੀ ਤਿਉਹਾਰ ਅਤੇ ਜੋੜ ਮੇਲਾ ਹੋਲਾ ਮਹੱਲਾ ਪੂਰੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਗਿਆਨੀ ਕੁਲਵੰਤ ਸਿੰਘ ਨੇ ਪੰਥਕ ਸਰੋਕਾਰਾਂ ਲਈ ਦਮਦਮੀ ਟਕਸਾਲ ਵੱਲੋਂ ਨਿਭਾਈ ਜਾ ਰਹੀ ਭੂਮਿਕਾ ਦੀ ਪ੍ਰਸੰਸਾ ਕੀਤੀ ਅਤੇ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੂੰ ਸਿੱਖੀ ਪ੍ਰਚਾਰ ਅਤੇ ਗੁਰ ਅਸਥਾਨਾਂ ਦੀ ਸੇਵਾ ਸੰਭਾਲ ’ਚ ਹਰ ਤਰਾਂ ਸਹਿਯੋਗ ਦੇਣ ਦਾ ਵਾਅਦਾ ਕੀਤਾ। ਉਨ੍ਹਾਂ ਪੰਜਾਬ ਦੇ ਸਿੱਖ ਨੌਜਵਾਨਾਂ ਦੀ ਵਿਦੇਸ਼ਾਂ ਵਿਚ ਪਲਾਇਨ ’ਤੇ ਰੋਕ ਲਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਵਿਦੇਸ਼ਾਂ ’ਚ ਵੱਸ ਰਹੇ ਸਿੱਖਾਂ ਨੂੰ ਪੰਜਾਬ ਵਿਚ ਪੂੰਜੀ ਨਿਵੇਸ਼ ਕਰਨ ਦੀ ਅਪੀਲ ਕੀਤੀ। ਇਸ ਮੌਕੇ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਤਖ਼ਤ ਸਾਹਿਬ ਵਿਖੇ ਗੁਰਬਾਣੀ ਕਥਾ ਸਰਵਨ ਕਰਾਉਂਦਿਆਂ ਹੋਲੇ ਮਹੱਲੇ ਨੂੰ ਖ਼ਾਲਸੇ ਦੀ ਵਿਲੱਖਣਤਾ ਦਾ ਪ੍ਰਤੀਕ ਦੱਸਿਆ। ਹੋਲੇ ਮਹੱਲੇ ਦੀ ਮਹਾਤਮ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਕਲਗ਼ੀਧਰ ਪਾਤਿਸ਼ਾਹ ਨੇ ਹੋਲੀ ਦੀ ਪੁਰਾਣੀ ਪ੍ਰਚਲਿਤ ਰਹੁ ਰੀਤ ਨੂੰ ਬਦਲ ਕੇ ਸਿੱਖਾਂ ਨੂੰ ਨਵੇਂ ਅਤੇ ਸਮਾਜ ਨੂੰ ਉਸਾਰੂ ਸੇਧ ਦੇਣ ਵਾਲਾ ਚੜ੍ਹਦੀਕਲਾ ਦਾ ਪ੍ਰਤੀਕ ਹੋਲਾ ਮਹੱਲਾ ਬਖਸ਼ਿਸ਼ ਕੀਤਾ। ਦਮਦਮੀ ਟਕਸਾਲ ਦੇ ਮੁਖੀ ਨੇ ਹੋਲੇ ਮਹੱਲੇ ਦੇ ਇਤਿਹਾਸ ’ਤੇ ਰੌਸ਼ਨੀ ਪਾਉਂਦਿਆਂ ਦੱਸਿਆ ਕਿ ਖ਼ਾਲਸਾ ਪੰਥ ਦੇ ਪ੍ਰਗਟ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਰਾਹੀਂ ਦਸਮ ਪਾਤਸ਼ਾਹ, ਸਾਹਿਬ-ਏ-ਕਮਾਲਿ, ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਭਾਰਤੀ ਲੋਕਾਈ ‘ਚ ਨਵਾਂ ਜੋਸ਼ ਅਤੇ ਕੁਰਬਾਨੀ ਦਾ ਜਜ਼ਬਾ ਪੈਦਾ ਕਰਦਿਆਂ ਸਮੇਂ ਦੀ ਜਾਬਰ ਅਤੇ ਜ਼ਾਲਮ ਸਰਕਾਰ ਖ਼ਿਲਾਫ਼ ਸੰਘਰਸ਼ ਕਰਨ ਲਈ ਹੋਲੀ ਦੀ ਰਵਾਇਤੀ ਤਿਉਹਾਰ ਨੂੰ ਨਵਾਂ ਰੂਪ ਦੇ ਕੇ 1700 ਈਸਵੀ ਵਿਚ ਹੋਲਾ ਮਹੱਲਾ ਆਰੰਭਤਾ ਕੀਤਾ | ਗੁਰੂ ਸਾਹਿਬ ਵੱਲੋਂ ਖ਼ਾਲਸਈ ਫ਼ੌਜਾਂ ਦੇ ਦੋ ਮਨਸੂਈ ਦਲਾਂ ਵਿਚ ਸ਼ਸਤਰ ਵਿੱਦਿਆ ਦੇ ਜੰਗੀ ਮੁਕਾਬਲੇ ਕਰਵਾਏ ਜਾਂਦੇ ਸਨ ਅਤੇ ਚੰਗਾ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਸਨਮਾਨਿਤ ਕੀਤਾ ਜਾਂਦਾ ਸੀ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਆਰੰਭ ਕੀਤੀ ਇਹ ਪਰੰਪਰਾ ਖ਼ਾਲਸਾ ਪੰਥ ਨੂੰ ਹਮੇਸ਼ਾ ਸੰਘਰਸ਼ਸ਼ੀਲ ਅਤੇ ਤਿਆਰ-ਬਰ-ਤਿਆਰ ਰਹਿਣ ਦਾ ਸੁਨੇਹਾ ਦਿੰਦੀ ਹੈ। ਕਲਗ਼ੀਧਰ ਪਿਤਾ ਵੱਲੋਂ ਲੋਕ ਮਨਾਂ ‘ਚ ਸਵੈਮਾਨ ਦੀ ਚੇਤਨਤਾ ਪੈਦਾ ਕਰਨ ਵਾਲਾ ਹੋਲਾ ਮਹੱਲਾ ਗ਼ੁਲਾਮ ਮਾਨਸਿਕਤਾ ਨੂੰ ਤਿਲਾਂਜਲੀ ਦਿੰਦਿਆਂ ਜ਼ਬਰ ਜ਼ੁਲਮ ਖ਼ਿਲਾਫ਼ ਸੰਘਰਸ਼ ਕਰਨ ਦਾ ਇੱਕ ਇਤਿਹਾਸਕ ਇਨਕਲਾਬੀ ਵਰਤਾਰਾ ਹੋ ਨਿੱਬੜਿਆ ਹੈ। ਉਨ੍ਹਾਂ ਦੱਖਣ ਦੇ ਗੁਰਸਿੱਖਾਂ ਦੀ ਤਾਰੀਫ਼ ਕਰਦਿਆਂ ਕਿਹਾ ਕਿ ਨਾਂਦੇੜ ਦੇ ਨੌਜਵਾਨਾਂ ਨੇ ਸਿੱਖੀ ਸੰਭਾਲੀ ਹੋਈ ਹੈ, ਜਿਨ੍ਹਾਂ ਤੋਂ ਹਰੇਕ ਨੂੰ ਸੇਧ ਲੈਣ ਦੀ ਲੋੜ ਹੈ।  ਇਸ ਮੌਕੇ ਹੋਲਾ ਮਹੱਲਾ ਮਨਾ ਰਹੀਆਂ ਸੰਗਤਾਂ ਨੂੰ ਸੰਤ ਬਾਬਾ ਹਰਨਾਮ ਸਿੰਘ ਜੀ ਖ਼ਾਲਸਾ ਨੇ ਸਿੱਖ ਪੰਥ ਅਤੇ ਸਮਾਜ ਵਿੱਚ ਫੁੱਟ ਪਾ ਕੇ ਅਮਨ ਸ਼ਾਂਤੀ ਨੂੰ ਲਾਂਬੂ ਲਾਉਣ ਦੀ ਤਾਕ ਵਿੱਚ ਬੈਠ ਪੰਥ ਵਿਰੋਧੀ ਸ਼ਕਤੀਆਂ ਪ੍ਰਤੀ ਸੁਚੇਤ ਕਰਦਿਆਂ ਕਿਹਾ ਕਿ ਪਿਛਲੇ ਸਮੇਂ ਤੋਂ ਇਨ੍ਹਾਂ ਪੰਥ ਦੋਖੀਆਂ ਵੱਲੋਂ ਸਿੱਖ ਧਰਮ ਦੀਆਂ ਸਥਾਪਿਤ ਮੂਲ ਪਰੰਪਰਾਵਾਂ, ਗੁਰਮਤਿ ਸਿਧਾਂਤ, ਗੁਰ ਇਤਿਹਾਸ ਤੇ ਸਿੱਖ ਇਤਿਹਾਸ ਦੀਆਂ ਅਹਿਮ ਘਟਨਾਵਾਂ ਅਤੇ ਗੁਰ ਅਸਥਾਨਾਂ ਪ੍ਰਤੀ ਬੇਲੋੜੇ ਸ਼ੰਕੇ ਖੜੇ ਕੀਤੇ ਜਾ ਰਹੇ ਹਨ। ਉਨ੍ਹਾਂ ਕੋਝੇ ਹਮਲਿਆਂ ਰਾਹੀ ਨਿੱਤ ਨਵਾਂ ਵਿਵਾਦ ਨਾਲ ਦੁਬਿਧਾ ਖੜੀ ਕਰਦਿਆਂ ਸਿੱਖ ਕੌਮ ਦੇ ਸਿਧਾਂਤਾਂ ਦਾ ਨਿਰਾਦਰ ਕਰਨ ‘ਚ ਲੱਗੇ ਸ਼ਰਾਰਤੀ ਅਨਸਰਾਂ ਦਾ ਮੂੰਹ ਤੋੜਵਾਂ ਜਵਾਬ ਦੇਣ ਦੀ ਵੀ ਸਿੱਖ ਸੰਗਤ ਨੂੰ ਅਪੀਲ ਕੀਤੀ।ਉਨ੍ਹਾਂ ਅੰਮ੍ਰਿਤ ਸਰੋਵਰਾਂ ਦੀ ਮਹਿਮਾ ਦੱਸਦਿਆਂ ਇਨ੍ਹਾਂ ਪ੍ਰਤੀ ਕੂੜ ਪ੍ਰਚਾਰ ‘ਚ ਲੱਗੇ ਅਨਸਰਾਂ ਤੋਂ ਸੁਚੇਤ ਰਹਿਣ ਅਤੇ ਗੁਰੂ ਘਰ ਪ੍ਰਤੀ ਆਸਥਾ ਤੇ ਸ਼ਰਧਾ ਬਣਾਈ ਰੱਖਣ ਦੀ ਸੰਗਤ ਨੂੰ ਅਪੀਲ ਕੀਤੀ। ਸੰਗਤ ਨੂੰ ਉਨ੍ਹਾਂ ਅੰਮ੍ਰਿਤਧਾਰੀ ਹੋਣ ਅਤੇ ਨਸ਼ਿਆਂ ਤੇ ਹੋਰਨਾਂ ਸਮਾਜਕ ਬੁਰਾਈਆਂ ਤੋਂ ਦੂਰ ਰਹਿਣ ਲਈ ਕਿਹਾ। ਇਸ ਮੌਕੇ  ਸਿੱਖ ਕੌਂਸਲ ਦੇ ਆਗੂ ਭਾਈ ਜਸਪਾਲ ਸਿੰਘ ਸਿੱਧੂ ਨੇ ਵੀ ਸੰਬੋਧਨ ਕੀਤਾ।

NO COMMENTS

LEAVE A REPLY