ਚੰਡੀਗੜ੍ਹ/ਅੰਮ੍ਰਿਤਸਰ: 3 ਜੂਨ (ਪਵਿੱਤਰ ਜੋਤ ): ਭਾਰਤੀ ਜਨਤਾ ਪਾਰਟੀ ਦੇ ਸਾਬਕਾ ਕੌਮੀ ਪ੍ਰਧਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਜੀ ਅੱਜ ਤਿੰਨ ਘੰਟੇ ਭਾਜਪਾ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਹੋਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਅੱਜ ਦੁਪਹਿਰ 03:00 ਵਜੇ ਸੂਬਾ ਭਾਜਪਾ ਹੈੱਡਕੁਆਰਟਰ ਸੈਕਟਰ 37-ਏ ਚੰਡੀਗੜ੍ਹ ਵਿਖੇ ਪੁੱਜਣਗੇ ਅਤੇ ਸ਼ਾਮ 6 ਵਜੇ ਤੱਕ ਹੈੱਡਕੁਆਰਟਰ ‘ਤੇ ਹੀ ਰਹਿਣਗੇ। ਇਸ ਦੌਰਾਨ ਉਹ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਭਾਜਪਾ ਦੇ ਸੂਬਾਈ ਅਹੁਦੇਦਾਰਾਂ, ਸੂਬਾ ਕੋਰ ਗਰੁੱਪ, ਪੰਜਾਬ ਭਰ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਮੋਰਚਾ ਪ੍ਰਧਾਨਾਂ ਨਾਲ ਮੀਟਿੰਗ ਕਰਨਗੇ।
ਜੀਵਨ ਗੁਪਤਾ ਨੇ ਕਿਹਾ ਕਿ ਸ੍ਰੀ ਅਮਿਤ ਸ਼ਾਹ ਜਿੱਥੇ ਇਸ ਮੀਟਿੰਗ ਵਿੱਚ ਅਹੁਦੇਦਾਰਾਂ ਨਾਲ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਬਾਰੇ ਸੰਖੇਪ ਵਿੱਚ ਵਿਚਾਰ-ਵਟਾਂਦਰਾ ਕਰਨਗੇ, ਉੱਥੇ ਹੀ ਉਹ ਉਨ੍ਹਾਂ ਦਾ ਮਾਰਗਦਰਸ਼ਨ ਵੀ ਕਰਨਗੇ।