ਸੜ੍ਹਕਾਂ ਤੋਂ ਹਟਾਏ ਜਾਣਗੇ ਨਾਜਾਇਜ਼ ਕਬਜੇ
ਅੰਮ੍ਰਿਤਸਰ 9 ਜੁਲਾਈ (ਪਵਿੱਤਰ ਜੋਤ) : ਸ਼ਹਿਰ ਦੇ ਲੋਕਾਂ ਦੀ ਮੁੱਖ ਸਮੱਸਿਆ ਇਸ ਵੇਲੇ ਪੀਣ ਵਾਲੇ ਪਾਣੀ ਅਤੇ ਸੀਵਰੇਜ ਸਫਾਈ ਦੀ ਹੈ ਅਤੇ ਇਸ ਨੂੰ ਦੂਰ ਕਰਨਾ ਮੇਰੀ ਪਹਿਲੀ ਤਰਜੀਹ ਹੋਵੇਗੀ। ਇਨਾਂ ਸਬਦਾਂ ਦਾ ਪ੍ਰਗਟਾਵਾ ਡਾ. ਇੰਦਰਬੀਰ ਸਿੰਘ ਨਿੱਜਰ ਸਥਾਨਕ ਸਰਕਾਰ ਮੰਤਰੀ ਪੰਜਾਬ ਨੇ ਨਗਰ ਨਿਗਮ ਅਧਿਕਾਰੀਆਂ ਦੇ ਨਾਲ ਮੀਟਿੰਗ ਕਰਨ ਉਪਰੰਤ ਕੀਤਾ।
ਡਾ. ਨਿੱਜਰ ਨੇ ਕਿਹਾ ਕਿ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਵੱਡੇ ਬਹੁਮਤ ਨਾਲ ਜਿੱਤਾਇਆ ਹੈ ਅਤੇ ਸਾਡਾ ਵੀ ਫਰਜ ਬਣਦਾ ਹੈ ਕਿ ਅਸੀਂ ਉਨਾਂ ਦੀਆਂ ਆਸਾਂ ਤੇ ਖਰਾ ਉਤਰੀਏ। ਉਨਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸਪੱਸ਼ਟ ਤੌਰ ਤੇ ਕਿਹਾ ਕਿ ਸ਼ਹਿਰ ਦੀ ਸੀਵਰੇਜ ਵਿਵਸਥਾ ਨੂੰ ਤੁਰੰਤ ਦੁਰੱਸਤ ਕੀਤਾ ਜਾਵੇ ਅਤੇ ਨਾਜਾਇਜ਼ ਕਬਜ਼ੇ ਤੁਰੰਤ ਹਟਾਏ ਜਾਣ। ਡਾ. ਨਿੱਜਰ ਨੇ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਵੀ ਪ੍ਰਾਪਤ ਕੀਤੀ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੱਲ ਰਹੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ਤੇ ਮੁਕੰਮਲ ਕੀਤਾ ਜਾਵੇ। ਉਨਾਂ ਕਿਹਾ ਕਿ ਸਾਡੀ ਸਰਕਾਰ ਦਾ ਮੁੱਖ ਮਕਸਦ ਸਾਫ਼ ਸੁਥਰਾ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ ਅਤੇ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਤਰ੍ਹਾਂ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਡਾ. ਨਿੱਜਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਮਾਨਸੂਨ ਸੀਜਨ ਨੂੰ ਧਿਆਨ ਵਿੱਚ ਰੱਖਦੇ ਹੋਏ ਸੜ੍ਹਕਾਂ ਦੀ ਮੁਰੰਮਤ ਕੀਤੀ ਜਾਵੇ। ਉਨਾਂ ਕਿਹਾ ਕਿ ਸ਼ਹਿਰ ਨੂੰ ਹਰਿਆਵਲ ਭਰਪੂਰ ਬਣਾਉਣ ਲਈ ਫੁੱਟਪਾਥਾਂ ਅਤੇ ਸੜ੍ਹਕਾਂ ਦੇ ਆਲੇ ਦੁਆਲੇ ਪੌਦੇ ਲਗਾਏ ਜਾਣ। ਉਨਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਲੋਕਾਂ ਨੂੰ ਸਾਰੀਆਂ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਵਾਈਆਂ ਜਾਣਗੀਆਂ।
ਇਸ ਮੌਕੇ ਹਲਕਾ ਵਿਧਾਇਕ ਪੱਛਮੀ ਡਾ. ਜਸਬੀਰ ਸਿੰਘ, ਹਲਕਾ ਵਿਧਾਇਕ ਪੂਰਬੀ ਮੈਡਮ ਜੀਵਨਜੋਤ ਕੌਰ, ਹਲਕਾ ਵਿਧਾਇਕ ਕੇਂਦਰੀ ਡਾ. ਅਜੈ ਗੁਪਤਾ, ਮੇਅਰ ਨਗਰ ਨਿਗਮ ਸ: ਕਰਮਜੀਤ ਸਿੰਘ ਰਿੰਟੂ, ਕਮਿਸ਼ਨਰ ਨਗਰ ਨਿਗਮ ਸ੍ਰੀ ਸੰਦੀਪ ਰਿਸ਼ੀ, ਜੁਆਇੰਟ ਕਮਿਸ਼ਨਰ ਸ: ਹਰਦੀਪ ਸਿੰਘ, ਐਮ.ਟੀ.ਪੀ. ਸ੍ਰੀ ਰਜਨੀਸ਼ ਵੱਧਵਾ, ਐਸ.ਈ. ਸੰਦੀਪ ਸਿੰਘ, ਸਿਹਤ ਅਫ਼ਸਰ ਨਗਰ ਨਿਗਮ ਡਾ. ਯੋਗੇਸ਼ ਅਰੋੜਾ ਤੋਂ ਇਲਾਵਾ ਨਗਰ ਨਿਗਮ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।