ਅੰਮ੍ਰਿਤਸਰ 17 ਜੁਲਾਈ (ਪਵਿੱਤਰ ਜੋਤ): ਭਾਰਤੀ ਜਨਤਾ ਯੁਵਾ ਮੋਰਚਾ ਦੇ ਜ਼ਿਲਾ ਪ੍ਰਧਾਨ ਗੌਤਮ ਅਰੋੜਾ ਨੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਤਵਾਦੀ ਕਹਿਣ ‘ਤੇ ਸਖ਼ਤ ਇਤਰਾਜ਼ ਜਤਾਉਂਦੇ ਹੋਏ ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਪੰਜਾਬ ਸਮੇਤ ਸਮੁੱਚੇ ਭਾਰਤ ਦੇ ਨੌਜਵਾਨਾਂ ਦੇ ਆਈਕੋਨ ਹੈ ਅਤੇ ਨੌਜਵਾਨ ਉਨ੍ਹਾਂ ਨੂੰ ਅੱਤਵਾਦੀ ਕਹਿਣ ਵਾਲੇ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਆਪਣੀ ਘਟੀਆ ਰਾਜਨੀਤੀ ਲਈ ਨੌਜਵਾਨਾਂ ਨੂੰ ਭੜਕਾ ਕੇ ਪੰਜਾਬ ਦੇ ਸ਼ਾਂਤਮਈ ਅਤੇ ਭਾਈਚਾਰਕ ਮਾਹੌਲ ਨੂੰ ਵਿਗਾੜਨਾ ਚਾਹੁੰਦੇ ਹਨ।
ਗੌਤਮ ਅਰੋੜਾ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਤੇ ਸਵਾਲ ਚੁੱਕਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੋ ਖੁਦ ਸ਼ਹੀਦ ਭਗਤ ਸਿੰਘ ਵਲੋਂ ਬੰਨੀ ਗਈ ਪੱਗ ਬਣਦੇ ਹਨ ਅਤੇ ਸਾਰੇ ਸਰਕਾਰੀ ਦਫਤਰਾਂ ਵਿਚ ਉਨ੍ਹਾਂ ਦੀਆਂ ਤਸਵੀਰਾਂ ਲੱਗੀਆਂ ਹੋਈਆਂ ਹਨ, ਫਿਰ ਵੀ ਸਿਮਰਨਜੀਤ ਸਿੰਘ ਮਾਨ ਖਿਲਾਫ ਕੋਈ ਕਾਰਵਾਈ ਕਿਉਂ ਨਹੀਂ ਕੀਤੀ। ਜਦੋਂ ਸਿਮਰਨਜੀਤ ਸਿੰਘ ਮਾਨ ਨੇ ਸ਼ਹੀਦ ਭਗਤ ਸਿੰਘ ਨੂੰ ਜਨਤਕ ਤੌਰ ‘ਤੇ ਅੱਤਵਾਦੀ ਕਿਹਾ ਸੀ। ਇਸ ਦਾ ਸਾਫ਼ ਮਤਲਬ ਹੈ ਕਿ ਭਗਵੰਤ ਮਾਨ ਦੀ ਕਹਿਣੀ ਤੇ ਕਰਨੀ ਵਿੱਚ ਫਰਕ ਹੈ। ਗੌਤਮ ਅਰੋੜਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਵਾਲੇ ਸਿਮਰਨਜੀਤ ਸਿੰਘ ਮਾਨ ‘ਤੇ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਸਿਮਰਨਜੀਤ ਮਾਨ ਨੇ ਨੌਜਵਾਨਾਂ ਦੀਆਂ ਭਾਵਨਾਵਾਂ ਨੂੰ ਭੜਕਾਉਣ ਦਾ ਕੰਮ ਕੀਤਾ ਹੈ ਅਤੇ ਅਜਿਹੇ ਵਿਅਕਤੀ ‘ਤੇ ਮਾਮਲਾ ਦਰਜ ਨਾ ਕਰਨਾ ਅਤੇ ਪੰਜਾਬੀਅਤ ਪ੍ਰਤੀ ਸੋਚ ਨੂੰ ਦਰਸਾਉਂਦਾ ਹੈ | ਆਮ ਆਦਮੀ ਪਾਰਟੀ ਸ਼ੁਰੂ ਤੋਂ ਹੀ ਪੰਜਾਬ ਅਤੇ ਪੰਜਾਬੀਆਂ ਨਾਲ ਧੋਖਾ ਕਰਦੀ ਆ ਰਹੀ ਹੈ। ਗੌਤਮ ਅਰੋੜਾ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਵਾਲੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਨਹੀਂ ਕੀਤੀ ਤਾਂ ਭਾਰਤੀ ਜਨਤਾ ਯੁਵਾ ਮੋਰਚਾ ਭਗਵੰਤ ਮਾਨ ਸਰਕਾਰ ਅਤੇ ਸਿਮਰਨਜੀਤ ਮਾਨ ਨੂੰ ਲੈ ਕੇ ਧਰਨਾ ਦੇਣ ਤੋਂ ਪਿੱਛੇ ਨਹੀਂ ਹਟੇਗਾ। ਇਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।