ਸੇਫ਼ ਸਕੂਲ ਵਾਹਨ ਸਕੀਮ ਤਹਿਤ ਸਕੂਲੀ ਬੱਸਾਂ ਦੀ ਨਿਰੰਤਰ ਚੈਕਿੰਗ ਯਕੀਨੀ ਬਣਾਈ ਜਾਵੇ : ਟੀ.ਬੈਨਿਥ

0
22

ਬੁਢਲਾਡਾ, 27 ਜੁਲਾਈ :-(ਦਵਿੰਦਰ ਸਿੰਘ ਕੋਹਲੀ)-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਟੀ.ਬੈਨਿਥ ਨੇ ਸਥਾਨਕ ਬਚਤ ਭਵਨ ਵਿਖੇ ਮਹੀਨਾਵਾਰ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਸੇਫ਼ ਸਕੂਲ ਵਾਹਨ ਸਕੀਮ ਤਹਿਤ ਹਦਾਇਤ ਕਰਦਿਆਂ ਕਿਹਾ ਕਿ ਸਕੂਲੀ ਵਿਦਿਆਰਥੀਆਂ ਨੂੰ ਸਕੂਲ ਛੱਡਣ ਵਾਲੇ ਵਾਹਨਾਂ ਦੀ ਨਿਰੰਤਰ ਚੈਕਿੰਗ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਜੋ ਸਕੂਲੀ ਵਾਹਨ ਬੱਚਿਆਂ ਦੀ ਸੁਰੱਖਿਆ ਸਬੰਧੀ ਨਿਯਮਾਂ ਦੀ ਪਾਲਣਾ ਨਾ ਕਰਦੇ ਹੋਣ ਉਨ੍ਹਾਂ ਦੇ ਚਲਾਨ ਕੱਟੇ ਜਾਣ।
ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਦੁਰਘਟਨਾਵਾਂ ਵਾਲੀਆਂ ਥਾਵਾਂ ਦੀ ਸ਼ਨਾਖ਼ਤ ਕਰਕੇ ਉਥੇ ਹੰਪ, ਰਿਫਲੈਕਟਰ ਅਤੇ ਲਾਈਟਾਂ ਦਾ ਖ਼ਾਸ ਪ੍ਰਬੰਧ ਕਰਵਾਇਆ ਜਾਵੇ। ਉਨ੍ਹਾਂ ਟੈ੍ਰਫਿਕ ਪੁਲਿਸ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਅੰਦਰ ਟ੍ਰੈਫਿਕ ਦੀ ਸਮੱਸਿਆ ਨਾ ਆਵੇ ਇਸ ਸਬੰਧੀ ਯੋਗ ਸੰਭਵ ਉਪਰਾਲੇ ਕਰਨੇ ਯਕੀਨੀ ਬਣਾਏ ਜਾਣ।
ਉਨ੍ਹਾਂ ਖੇਤੀਬਾੜੀ ਵਿਭਾਗ ਤੋਂ ਨਰਮੇ, ਝੋਨੇ ਆਦਿ ਫਸਲ ਦਾ ਜਾਇਜ਼ਾ ਲੈਂਦਿਆਂ ਹਦਾਇਤ ਕੀਤੀ ਕਿ ਗਠਿਤ ਕੀਤੀਆਂ ਟੀਮਾਂ ਲਗਾਤਾਰ ਖੇਤਾਂ ਦਾ ਸਰਵੇਖਣ ਕਰਕੇ ਗੁਲਾਬੀ ਸੁੰਢੀ ਅਤੇ ਚਿੱਟੀ ਮੱਖੀ ਦੀ ਚੈਕਿੰਗ ਕਰਦੇ ਰਹਿਣ। ਉਨ੍ਹਾਂ ਕਿਹਾ ਕਿ ਇਸ਼ਤਿਹਾਰਾਂ ਰਾਹੀਂ ਅਤੇ ਵੱਖ-ਵੱਖ ਪਿੰਡਾਂ ਅੰਦਰ ਕੈਂਪ ਲਗਾ ਕੇ ਕਿਸਾਨਾਂ ਨੂੰ ਖੇਤੀਬਾੜੀ ਦੀਆਂ ਨਵੀਆਂ ਤਕਨੀਕਾਂ ਅਤੇ ਸਕੀਮਾਂ ਤੋਂ ਜਾਗਰੂਕ ਕਰਵਾਇਆ ਜਾਵੇ।
ਇਸ ਤੋਂ ਇਲਾਵਾ ਉਨ੍ਹਾਂ ਜ਼ਿਲ੍ਹੇ ਦੇ ਵੱਖ-ਵੱਖ ਵਿਕਾਸ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਹਦਾਇਤ ਕੀਤੀ ਕਿ ਜਿੰਨ੍ਹਾਂ ਵਿਭਾਗਾਂ ਦੇ ਵਿਕਾਸ ਕਾਰਜ ਮੁਕੰਮਲ ਹੋ ਚੁੱਕੇ ਹਨ ਉਹ ਤੁਰੰਤ ਆਪਣੇ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਵਾਉਣ ਅਤੇ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਜਿੱਥੇ ਵੀ ਸਰਕਾਰੀ ਜ਼ਮੀਨਾਂ ਜਾਂ ਪੰਚਾਇਤੀ ਜ਼ਮੀਨਾਂ ’ਤੇ ਨਜਾਇਜ਼ ਕਬਜ਼ੇ ਹੋਣ ਉਹ ਜਲਦ ਖਾਲੀ ਕਰਵਾਏ ਜਾਣ। ਉਨ੍ਹਾਂ ਬੁਢਾਪਾ ਪੈਨਸ਼ਨ ਅਤੇ ਵਿੱਤੀ ਸਹਾਇਤਾ ਸਕੀਮਾਂ ਸਬੰਧੀ ਮੌਜੂਦਾ ਲਾਭਪਾਤਰੀਆਂ ਦੀ ਪੜਤਾਲ ਅਤੇ ਨਵੇਂ ਯੋਗ ਲਾਭਪਾਤਰੀਆਂ ਦੀ ਸ਼ਨਾਖ਼ਤ ਕਰਨ ਸਬੰਧੀ ਵੀ ਆਦੇਸ਼ ਦਿੱਤੇ।

NO COMMENTS

LEAVE A REPLY