ਬੁਢਲਾਡਾ, 23 ਅਗਸਤ (ਦਵਿੰਦਰ ਸਿੰਘ ਕੋਹਲੀ)-ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਮਾਨਸਾ ਦੇ ਬਲਾਕਾਂ ਮਾਨਸਾ, ਸਰਦੂਲਗੜ੍ਹ, ਭੀਖੀ, ਝੁਨੀਰ ਅਤੇ ਬੁਢਲਾਡਾ ਵਿਖੇ ਫੁੱਟਬਾਲ, ਅਥਲੈਟਿਕਸ, ਖੋਹ-ਖੋਹ, ਕਬੱਡੀ, ਵਾਲੀਬਾਲ ਅਤੇ ਰੱਸਾ-ਕੱਸੀ ਦੇ ਬਲਾਕ ਪੱਧਰੀ ਖੇਡ ਮੁਕਾਬਲੇ ਅੰਡਰ-14, 17, 21, 21-40, 41-50 ਅਤੇ 50 ਸਾਲ ਤੋਂ ਵੱਧ ਉਮਰ ਵਰਗ ਲਈ 01 ਸਤੰਬਰ ਤੋਂ ਲੈ ਕੇ 07 ਸਤੰਬਰ 2022 ਤੱਕ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨਾਂ ਖੇਡਾਂ ’ਚ ਹੁਣ ਪੰਜਾਬ ਦੀ ਰਵਾਇਤੀ ਖੇਡ ਸਰਕਲ ਸਟਾਇਲ ਕਬੱਡੀ ਨੂੰ ਵੀ ਸ਼ਾਮਲ ਕੀਤਾ ਗਿਆ ਹੈ।
ਉਨ੍ਹਾਂ ਜ਼ਿਲ੍ਹੇ ਦੇ ਖਿਡਾਰੀਆਂ ਅਤੇ ਖਿਡਾਰਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਆਨ-ਲਾਈਨ ਪੋਰਟਲ www.punjabkhedmela2022.in ’ਤੇ 25 ਅਗਸਤ ਨੂੰ ਸ਼ਾਮ 5 ਵਜੇ ਤੱਕ ਰਜਿਸਟ੍ਰੇਸ਼ਨ ਕਰਵਾਉਣ।
ਉਨ੍ਹਾਂ ਦੱਸਿਆ ਕਿ ਇਹ ਖੇਡ ਮੁਕਾਬਲੇ ਬਲਾਕ ਮਾਨਸਾ ਦੇ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ, ਸਰਦੂਲਗੜ੍ਹ ਦੇ ਪਿੰਡ ਕੁਸਲਾ, ਭੀਖੀ ਦੇ ਰਾਇਲ ਕਾਲਜ ਬੋੜਾਵਾਲ ਵਿਖੇ, ਝੁਨੀਰ ਦੇ ਇਨਲਾਈਟਡ ਫਿਜ਼ੀਕਲ ਕਾਲਜ ਅਤੇ ਬੁਢਲਾਡਾ ਦੇ ਸ਼੍ਰੀ ਗੁਰੂ ਤੇਗ ਬਹਾਦਰ ਸਟੇਡੀਅਮ ਵਿਖੇ ਹੋਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਖਿਡਾਰੀਆਂ ਅਤੇ ਖਿਡਾਰਨਾਂ ਵੱਲੋਂ ਭਾਗ ਲਿਆ ਜਾਵੇਗਾ।