ਅੰਮ੍ਰਿਤਸਰ 25 ਅਗਸਤ (ਅਰਵਿੰਦਰ ਵੜੈਚ) : ਪੰਜਾਬ ਮਿਉਂਸਪਲ ਕਾਰਪੋਰੇਸ਼ਨ ਸੀਵਰਮੈਨ ਇੰਪਲਾਈਜ਼ ਯੂਨੀਅਨ ਅਤੇ ਪੰਜਾਬ ਸਫ਼ਾਈ ਕਰਮਚਾਰੀ ਯੂਨੀਅਨ ਪੰਜਾਬ ਨੇ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ, ਜਿਸ ਤਹਿਤ ਸੂਬੇ ਦੇ ਸਥਾਨਕ ਸਰਕਾਰਾਂ ਮੰਤਰੀ ਡਾ ਇੰਦਰਬੀਰ ਸਿੰਘ ਨਿੱਝਰ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। 27 ਜੁਲਾਈ ਨੂੰ ਚੰਡੀਗੜ੍ਹ ਦੇ ਸੈਕਟਰ 35 ਵਿੱਚ ਸਥਾਨਕ ਸਰਕਾਰਾਂ ਮੰਤਰੀ ਡਾ ਇੰਦਰਬੀਰ ਸਿੰਘ ਨਿੱਝਰ ਨਾਲ ਯੂਨੀਅਨ ਦੀ ਹੋਈ ਮੀਟਿੰਗ ਦੌਰਾਨ ਉਨ੍ਹਾਂ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਸੀ, ਜਿਸ ਤੋਂ ਬਾਅਦ ਅੱਜ ਇੱਕ ਮਹੀਨਾ ਹੋ ਗਿਆ ਹੈ, ਜਿਸ ਤਹਿਤ ਯੂਨੀਅਨ ਵੱਲੋਂ ਅੱਜ ਤੱਕ ਕੋਈ ਸੱਦਾ ਨਹੀਂ ਮਿਲਿਆ ਅਤੇ ਨਾ ਹੀ ਯੂਨੀਅਨ ਦੀਆਂ ਮੰਗਾਂ ਨੂੰ ਲਾਗੂ ਕਰਨ ਦਾ ਕੋਈ ਐਲਾਨ ਹੋਇਆ ਹੈ, ਜਿਸ ਕਾਰਨ ਦੋਵੇਂ ਯੂਨੀਅਨਾਂ ਨੇ ਸੂਬੇ ਭਰ ਦੇ ਮੁਲਾਜ਼ਮਾਂ ਦੇ ਸਹਿਯੋਗ ਨਾਲ ਅੰਮ੍ਰਿਤਸਰ ਵਿਖੇ ਸਥਾਨਕ ਸਰਕਾਰਾਂ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ਦਾ 1 ਸਿਤੰਬਰ ਨੂੰ ਘਿਰਾਓ ਕਰਨ ਦਾ ਫੈਸਲਾ ਕੀਤਾ ਹੈ। ਇਸ ਮੌਕੇ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਸੰਦੀਪ ਸਿੰਘ ਬਾਲੀ, ਚੇਅਰਮੈਨ ਰਾਜ ਕੁਮਾਰ ਰਾਜੂ, ਸਕੱਤਰ ਰਾਜ ਕਲਿਆਣ, ਸਰਪਰਸਤ ਦੁਲੀਆ ਰਾਮ, ਦੀਪਕ ਗਿੱਲ, ਰਮੇਸ਼ ਪ੍ਰਧਾਨ, ਰਾਜ ਪ੍ਰਧਾਨ, ਰਾਜੇਸ਼ ਕੁਮਾਰ, ਦੀਪਕ ਭੱਟੀ ਆਦਿ ਹਾਜ਼ਰ ਸਨ।
ਬਾਕਸ
-ਸਰਕਾਰ ਨੇ ਮੁਲਾਜ਼ਮਾਂ ਨਾਲ ਕੀਤੀ ਵਾਅਦਾਖ਼ਿਲਾਫ਼ੀ-ਆਸ਼ੂ ਨਾਹਰ
ਯੂਨੀਅਨ ਦੇ ਸੂਬਾ ਪ੍ਰਧਾਨ ਰਮੇਸ਼ ਕੁਮਾਰ, ਪ੍ਰਧਾਨ ਕਾਮਰੇਡ ਵਿਜੇ ਕੁਮਾਰ, ਸੂਬਾ ਜਨਰਲ ਸਕੱਤਰ ਆਸ਼ੂ ਨਾਹਰ ਅਤੇ ਚੇਅਰਮੈਨ ਧਰਮਵੀਰ ਸੇਠੀ ਨੇ ਸਾਂਝੇ ਤੌਰ ‘ਤੇ ਦੱਸਿਆ ਕਿ ਸਥਾਨਕ ਸਰਕਾਰਾਂ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਦੇ ਘਿਰਾਓ ਸਬੰਧੀ ਯੂਨੀਅਨ ਦੇ ਵਫ਼ਦ ਨੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਦੇ ਨਾਲ ਨਾਲ ਵਧੀਕ ਡਿਪਟੀ ਕਮਿਸ਼ਨਰ ਆਫ਼ ਪੁਲਿਸ ਲਾਅ ਐਂਡ ਆਰਡਰ ਪਰਮਿੰਦਰ ਸਿੰਘ ਭੰਡਾਲ ਨੂੰ ਯੂਨੀਅਨ ਦੇ ਪ੍ਰੋਗਰਾਮ ਬਾਰੇ ਜਾਣਕਾਰੀ ਦਿੱਤੀ ਗਈ, ਜਿਸ ਦੀ ਜ਼ਿੰਮੇਵਾਰੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ। ਉਕਤ ਆਗੂਆਂ ਦਾ ਕਹਿਣਾ ਹੈ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਨੂੰ ਲੈ ਕੇ ਸਥਾਨਕ ਸਰਕਾਰਾਂ ਮੰਤਰੀ ਡਾ: ਇੰਦਰਜੀਤ ਸਿੰਘ ਨਿੱਝਰ ਨਾਲ ਹੋਈ ਮੀਟਿੰਗ ਦੌਰਾਨ ਉਨ੍ਹਾਂ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਸੀ, ਜਿਸ ‘ਤੇ ਯੂਨੀਅਨ ਨੇ ਵਾਅਦਾ ਖ਼ਿਲਾਫ਼ੀ ਕਰਕੇ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੰਗਾਂ ਵਿੱਚ 2004 ਤੋਂ ਬੰਦ ਪਈ ਪੈਨਸ਼ਨ ਨੂੰ ਮੁੜ ਲਾਗੂ ਕਰਨਾ, ਪੱਕੇ ਮੁਲਾਜ਼ਮਾਂ ਦੇ ਈ.ਐਸ.ਆਈ ਕਾਰਡ ਬਣਾਉਣਾ, ਆਰਜ਼ੀ ਮੁਲਾਜ਼ਮਾਂ ਨੂੰ ਰੈਗੂਲਰ ਕਰਨਾ ਆਦਿ ਮੁਲਾਜ਼ਮਾਂ ਦੀਆਂ ਗਿਆਰਾਂ ਮੰਗਾਂ ਸ਼ਾਮਲ ਹਨ। ਜਿੰਨਾ ਨੂੰ ਲਾਗੂ ਕਰਵਾਉਣ ਲਈ ਡਾ: ਇੰਦਰਬੀਰ ਸਿੰਘ ਨਿੱਝਰ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ ਸੀ।
ਬਾਕਸ
-ਕੰਮ ਠੱਪ ਕਰਕੇ ਸੰਘਰਸ਼ ਦੀ ਦਿੱਤੀ ਚਿਤਾਵਨੀ
ਚਾਰੋਂ ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਉਹ ਸੂਬੇ ਭਰ ਤੋਂ ਮੁਲਾਜ਼ਮਾਂ ਨੂੰ ਸ਼ਹਿਰ ਵਿੱਚ ਲਿਆ ਕੇ ਆਪਣੇ ਗੁੱਸੇ ਦਾ ਪ੍ਰਗਟਾਵਾ ਨਹੀਂ ਕਰਨਾ ਚਾਹੁੰਦੇ ਕਿਉਂਕਿ ਸਥਾਨਕ ਸਰਕਾਰਾਂ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਨੇ ਸੂਬੇ ਭਰ ਦੇ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਕੋਈ ਦਿਲਚਸਪੀ ਨਹੀਂ ਦਿਖਾਈ। ਹੁਣ ਉਹਨਾਂਦੇ ਵਾਅਦੇਖਿਲਾਫੀ ਕਾਰਨ ਸੂਬੇ ਭਰ ਦੇ ਮੁਲਾਜ਼ਮਾਂ ਨੂੰ ਸੰਘਰਸ਼ ਦਾ ਮੋਰਚਾ ਲਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਜੇਕਰ ਅੱਜ ਵੀ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਸੂਬੇ ਭਰ ਵਿੱਚ ਚੱਕਾ ਜਾਮ ਕਰਕੇ ਸਫ਼ਾਈ ਦਾ ਕੰਮ ਠੱਪ ਕਰਕੇ ਸਰਕਾਰ ਖ਼ਿਲਾਫ਼ ਭਾਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਜੇਕਰ ਲੋੜ ਪਈ ਤਾਂ ਸਰਕਾਰ ਦੇ ਨਾਲ-ਨਾਲ ਕਿਸੇ ਵਿਅਕਤੀ ਵਿਸ਼ੇਸ਼ ਦਾ ਪੁਤਲਾ ਫੂਕਣਾ ਪਿਆ ਤਾਂ ਯੂਨੀਅਨ ਪਿੱਛੇ ਨਹੀਂ ਹਟੇਗੀ।