ਅੰਮ੍ਰਿਤਸਰ,14 ਸਤੰਬਰ (ਪਵਿੱਤਰ ਜੋਤ)- ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦੇ ਦੌਰਾਨ ਪੰਜਾਬ ਵਾਸੀਆਂ ਨਾਲ ਕੀਤੇ ਵਾਅਦੇ ਪੂਰੇ ਨਾ ਹੋਣ ਤੇ ਪੰਜਾਬ ਸਰਕਾਰ ਤੋਂ ਲੋਕਾਂ ਦਾ ਮੋਹ ਪੂਰੀ ਤਰ੍ਹਾਂ ਭੰਗ ਹੋ ਗਿਆ ਹੈ। ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਮਾਸੂਮ ਲੋਕਾਂ ਦੇ ਨਾਲ ਵਾਅਦਾ ਖਿਲਾਫੀ ਕਰਕੇ ਧੋਖਾ ਕੀਤਾ ਹੈ।
ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਅੰਮ੍ਰਿਤਸਰ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਤੁੰਗ ਵੱਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਚੋਣਾਂ ਦੇ ਦੌਰਾਨ ਬਿਨ੍ਹਾਂ ਕਿਸੇ ਭੇਦਭਾਵ,ਉਚ ਨੀਚ,ਜਾਤ-ਪਾਤ ਅਤੇ ਸ਼ਰਤਾਂ ਤੋਂ ਹੱਟ ਕੇ ਹਰ ਕਿਸੇ ਨੂੰ ਫ੍ਰੀ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ। ਪਰ ਜਿੱਤਣ ਤੋਂ ਬਾਅਦ ਪੰਜਾਬ ਵਿੱਚ ਚੰਦ ਕੁ ਪਰਿਵਾਰਾਂ ਨੂੰ ਸ਼ਰਤਾਂ ਦੇ ਅਧਾਰ ਤੇ ਮਾਸਿਕ 300 ਯੂਨਿਟ ਬਿਜਲੀ ਫ੍ਰੀ ਕਰਕੇ ਖਾਨਾਪੂਰਤੀ ਕੀਤੀ ਜਾ ਰਹੀ ਹੈ। ਜੱਦ ਕੇ ਬਾਕੀ ਪਰਿਵਾਰਾਂ ਨੂੰ ਮੋਟੀਆਂ ਰਕਮਾਂ ਦੇ ਬਿੱਲ ਭਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਪਹਿਲੇ ਦਿਨ ਤੋਂ ਔਰਤਾਂ ਨੂੰ ਪ੍ਰਤੀ ਮਹੀਨੇ ਹਜ਼ਾਰ ਰੁਪਏ ਦੇਂਣ ਦਾ ਵਾਅਦਾ ਵੀ ਅਜੇ ਤੱਕ ਹਵਾ ਹਵਾਈ ਹੀ ਹੈ। ਪੰਜਾਬ ਸਰਕਾਰ ਵੱਲੋਂ ਲੋਕਾਂ ਦਾ ਧਿਆਨ ਵਾਅਦਿਆਂ ਤੋਂ ਭਟਕਾਉਣ ਲਈ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਪਰ ਲੋਕ ਆਮ ਆਦਮੀ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਸਬੰਧੀ ਭਲੀ-ਭਾਂਤ ਜਾਣੂ ਹਨ। ਆਉਣ ਵਾਲੀਆਂ ਚੋਣਾਂ ਵਿਚ ਪੰਜਾਬ ਦੀ ਜਨਤਾ ਹੋਰ ਕਿਸੇ ਵੀ ਪਾਰਟੀ ਦੇ ਨੇਤਾਵਾਂ ਨੂੰ ਮੂੰਹ ਨਹੀਂ ਲਗਾਉਣਦੇ ਹੋਏ ਅਕਾਲੀ ਦਲ ਬਾਦਲ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿੱਤਣਗੇ।