ਸ਼ਹੀਦ ਭਗਤ ਸਿੰਘ ਦਾ ਜੀਵਨ ਨੌਜਵਾਨਾਂ ਦੇ ਦਿਲਾਂ ਵਿੱਚ ਦੇਸ਼ ਪ੍ਰਤੀ ਪਿਆਰ ਜਗਾਉਣ ਲਈ ਪ੍ਰੇਰਨਾਦਾਇਕ ਸੀ ਅਤੇ ਰਹੇਗਾ: ਸ਼ਰਮਾ

0
17

 

ਅਸ਼ਵਨੀ ਸ਼ਰਮਾ ਸ਼ਹੀਦੇ ਆਜ਼ਮ ਅੱਗੇ ਮੱਥਾ ਟੇਕਣ ਖਟਕੜਕਲਾਂ ਪੁੱਜੇ

ਚੰਡੀਗੜ੍ਹ/ਅੰਮ੍ਰਿਤਸਰ: 27 ਸਤੰਬਰ ( ਪਵਿੱਤਰ ਜੋਤ) :  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦੇ ਆਜ਼ਮ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਣ ਤੋਂ ਬਾਅਦ ਅੱਜ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਆਪਣੇ ਅਹੁਦੇਦਾਰਾਂ ਸਮੇਤ ਖਟਕੜਕਾਲਾ ਪੁੱਜੇ ਅਤੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ।
ਅਸ਼ਵਨੀ ਸ਼ਰਮਾ ਨੇ ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼ਹੀਦੇ ਆਜ਼ਮ ਭਗਤ ਸਿੰਘ ਨੇ ਬਹੁਤ ਹੀ ਛੋਟੀ ਉਮਰ ਵਿੱਚ ਅੰਗਰੇਜ਼ ਹਕੂਮਤ ਵਿਰੁੱਧ ਬਗਾਵਤ ਕਰਦਿਆਂ ਅੰਗਰੇਜ਼ਾਂ ਵਿਰੁੱਧ ਲੜਾਈ ਲੜੀ। ਅਖ਼ੀਰ ਤਤਕਾਲੀ ਪਾਰਲੀਮੈਂਟ ਵਿੱਚ ਬੰਬ ਸੁੱਟ ਕੇ ਅੰਗਰੇਜ਼ਾਂ ਦੀਆਂ ਅੱਖਾਂ ਵਿੱਚ ਅੱਖਾਂ ਪਾ ਕੇ ਬਿਨਾਂ ਕਿਸੇ ਡਰ ਤੋਂ ਪਾਰਲੀਮੈਂਟ ਵਿੱਚ ਖੜ੍ਹੇ ਹੋ ਕੇ ਆਤਮ ਸਮਰਪਣ ਕਰ ਦਿੱਤਾ। ਸ਼ਹੀਦ ਭਗਤ ਸਿੰਘ ਵੱਲੋਂ ਦੇਸ਼ ਦੇ ਲੋਕਾਂ ਦੇ ਦਿਲਾਂ ਵਿੱਚ ਜਗਾਈ ਆਜ਼ਾਦੀ ਦੀ ਅੱਗ ਤੋਂ ਡਰਦਿਆਂ ਅੰਗਰੇਜ਼ਾਂ ਨੇ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਦੋ ਹੋਰ ਸਾਥੀਆਂ ਸੁਖਦੇਵ ਥਾਪਰ ਅਤੇ ਰਾਜਗੁਰੂ ਨੂੰ ਅਦਾਲਤ ਦੇ ਹੁਕਮਾਂ ਤੋਂ ਪਹਿਲਾਂ ਹੀ ਫਾਂਸੀ ਦੇ ਦਿੱਤੀ। ਜਿਸ ਨੂੰ ਸ਼ਹੀਦ ਭਗਤ ਸਿੰਘ ਨੇ ਹੱਸਦਿਆਂ-ਹੱਸਦਿਆਂ ਇੰਨਕਲਾਬ ਜ਼ਿੰਦਾਬਾਦ ਦੇ ਨਾਅਰਿਆਂ ਨਾਲ ਪ੍ਰਵਾਨ ਕੀਤਾ ਅਤੇ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਸ਼ਹੀਦੇ ਆਜ਼ਮ ਸ਼ਹੀਦ ਭਗਤ ਸਿੰਘ ਪੰਜਾਬ ਦੇ ਹੀ ਨਹੀਂ ਸਗੋਂ ਸਮੁੱਚੇ ਭਾਰਤ ਦੇ ਨੌਜਵਾਨਾਂ ਲਈ ਰੋਲ ਮਾਡਲ ਹਨ ਅਤੇ ਉਨ੍ਹਾਂ ਦਾ ਜੀਵਨ ਨੌਜਵਾਨਾਂ ਦੇ ਦਿਲਾਂ ਵਿੱਚ ਦੇਸ਼ ਭਗਤੀ ਦਾ ਪਿਆਰ ਜਗਾਉਣ ਲਈ ਹਮੇਸ਼ਾ ਪ੍ਰੇਰਨਾਦਾਇਕ ਸੀ ਅਤੇ ਰਹੇਗਾ।
ਸ਼ਰਮਾ ਨੇ ਕਿਹਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਣ ਦੀ ਪੰਜਾਬ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਮੰਗ ਸੀ, ਜਿਸਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੂਰਾ ਕਰ ਦਿੱਤਾ ਹੈ। ਖਟਕੜਕਲਾਂ ਵਿਖੇ ਮੱਥਾ ਟੇਕਣ ਪੁੱਜੇ ਭਾਜਪਾ ਦੇ ਅਹੁਦੇਦਾਰਾਂ ਦਾ ਜਿਥੇ ਜਥੇਬੰਦੀ ਦੇ ਅਹੁਦੇਦਾਰਾਂ ਵੱਲੋਂ ਸਿਰੋਪਾਓ ਭੇਟ ਕਰਕੇ ਧੰਨਵਾਦ ਕੀਤਾ ਗਿਆ, ਉਥੇ ਹੀ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਹਥ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕਰਦਿਆਂ ਸਿਰੋਪਾਓ ਵੀ ਭੇਜੇ ਗਏ। ਇਸ ਮੌਕੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਨਾਲ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਤੇ ਦਿਆਲ ਸਿੰਘ ਸੋਢੀ ਆਦਿ ਵੀ ਹਾਜ਼ਰ ਸਨ।

NO COMMENTS

LEAVE A REPLY