ਪ੍ਰਧਾਨ ਮੰਤਰੀ ਨੇ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਹਵਾਈ ਅੱਡੇ ਦਾ ਨਾਮ ਰੱਖ ਕੇ ਪੰਜਾਬੀਆਂ ਨੂੰ ਮਾਣ ਦਿੱਤਾ : ਕਾਹਲੋਂ , ਖਿਆਲਾ

0
26

ਚੰਡੀਗੜ੍ਹ- ਮੁਹਾਲੀ ਅਤੇ ਅੰਮ੍ਰਿਤਸਰ ਦੇ ਕੌਮਾਂਤਰੀ ਹਵਾਈ ਅੱਡਿਆਂ ਤੋਂ ਕੌਮਾਂਤਰੀ ਉਡਾਣਾਂ ’ਚ ਵਾਧਾ ਕਰਨ ਦੀ ਵੀ ਕੀਤੀ ਅਪੀਲ
ਨਰਿੰਦਰ ਮੋਦੀ ਕਾਂਗਰਸ ਪਾਰਟੀ ਵੱਲੋਂ ਸਿੱਖਾਂ ਨੂੰ ਦਿੱਤੇ ਗਏ ਜ਼ਖ਼ਮਾਂ ਅਤੇ ਵਲੂੰਧਰੇ ਹੋਏ ਸਿੱਖ ਹਿਰਦਿਆਂ ਨੂੰ ਸ਼ਾਂਤ ਕਰਨ ਵਲ ਵਿਸ਼ੇਸ਼ ਧਿਆਨ ਦੇ ਰਹੇ ਹਨ

ਅੰਮ੍ਰਿਤਸਰ 29 ਸਤੰਬਰ (ਪਵਿੱਤਰ ਜੋਤ) : ਭਾਜਪਾ ਦੇ ਬੁਲਾਰੇ ਕੁਲਦੀਪ ਸਿੰਘ ਕਾਹਲੋਂ ਅਤੇ ਸਿੱਖ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਚੰਡੀਗੜ੍ਹ – ਮੁਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਸ਼ਹੀਦ ਸ: ਭਗਤ ਸਿੰਘ ਦੇ ਨਾਮਕਰਨ ਰਾਹੀਂ ਸ਼ਹੀਦਾਂ ਦੀ ਵਿਰਾਸਤ ਨੂੰ ਸੰਭਾਲਣਾ ਸਮੁੱਚੇ ਪੰਜਾਬੀਆਂ ਅਤੇ ਸਿੱਖਾਂ ਲਈ ਮਾਣ ਵਾਲੀ ਗਲ ਹੈ। ਸਮੂਹ ਪੰਜਾਬੀਆਂ ਦੀ ਚਿਰੋਕਣੀ ਮੰਗ ਪੂਰੀ ਕਰਨ ਲਈ ਉਹ ਵਧਾਈ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਭਗਤ ਸਿੰਘ ਪੰਜਾਬ ਅਤੇ ਪੂਰੇ ਭਾਰਤ ’ਚ ਹੀ ਨਹੀਂ ਪਾਕਿਸਤਾਨ ’ਚ ਵੀ ਸਤਿਕਾਰੇ ਜਾਂਦੇ ਹਨ। ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਾ ਇਹ ਫ਼ੈਸਲਾ ਭਗਤ ਸਿੰਘ ਦੇ 115 ਵੇਂ ਜਨਮ ਦਿਨ ’ਤੇ ਉਨ੍ਹਾਂ ਦੀ ਵਤਨਪ੍ਰਸਤੀ ਨੂੰ ਸਿੱਜਦਾ ਤੇ ਸੱਚੀ ਸੁੱਚੀ ਸ਼ਰਧਾਂਜਲੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਕ੍ਰਾਂਤੀਕਾਰੀ ਸੋਚ, ਜਨੂਨ ਅਤੇ ਨਿਰ ਸਵਾਰਥ ਸ਼ਹਾਦਤ ਪੀੜ੍ਹੀਆਂ ਨੂੰ ਸਦਾ ਟੁੰਬ ਦਾ ਰਹੇਗਾ। ਉਨ੍ਹਾਂ ਕਿਹਾ ਕਿ ਹਵਾਈ ਯਾਤਰਾ ਕਰਨ ਵਾਲੇ ਦੇਸ਼ ਵਿਦੇਸ਼ ਦੇ ਸੈਲਾਨੀ ਜਦ ਵੀ ਇਸ ਹਵਾਈ ਅੱਡੇ ’ਤੇ ਉੱਤਰਿਆ ਕਰਨਗੇ ਉਹ ਸ਼ਹੀਦ ਭਗਤ ਸਿੰਘ ਦੇ ਬਹਾਨੇ ਮੁਲਕ ਦੀ ਆਜ਼ਾਦੀ, ਦੇਸ਼, ਧਰਮ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਜੂਝਦਿਆਂ ਕੁਰਬਾਨੀਆਂ ਦੀ ਗੌਰਵਮਈ ਗਾਥਾ ਰਚਣ ਵਾਲੇ ਪ੍ਰੇਰਨਾ ਸਰੋਤ ਸਿਰਲੱਥ ਪੰਜਾਬੀਆਂ ਅਤੇ ਸਿੱਖ ਯੋਧਿਆਂ ਦੇ ਯੋਗਦਾਨ ਨੂੰ ਯਾਦ ਕਰਿਆ ਕਰਨਗੇ।
ਭਾਜਪਾ ਆਗੂ ਕੁਲਦੀਪ ਸਿੰਘ ਕਾਹਲੋਂ ਅਤੇ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਿਦੇਸ਼ਾਂ ਵਿਚ ਵੱਸਦੇ ਪੰਜਾਬੀਆਂ ਦੀ ਵਧੇਰੇ ਸਹੂਲਤ ਲਈ ਚੰਡੀਗੜ੍ਹ- ਮੁਹਾਲੀ ਅਤੇ ਅੰਮ੍ਰਿਤਸਰ ਦੇ ਕੌਮਾਂਤਰੀ ਹਵਾਈ ਅੱਡਿਆਂ ਤੋਂ ਕੌਮਾਂਤਰੀ ਉਡਾਣਾਂ ’ਚ ਵਾਧਾ ਕਰਨ ਨੂੰ ਯਕੀਨੀ ਬਣਾਉਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਸਿੱਖਾਂ ਨੂੰ ਪਿਆਰ ਕਰਨ ਵਾਲੇ ਹਨ। ਉਨ੍ਹਾਂ ਵੱਲੋਂ ਕਰਤਾਰ ਪੁਰ ਲਾਂਘੇ ਦੀ ਉਸਾਰੀ, ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਪ੍ਰਤੀ ਵੀਰ ਬਾਲ ਦਿਵਸ, ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜਾਵਾਂ, ਲਾਲ ਕਿਲ੍ਹੇ ’ਚ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 400ਵੀਂ ਜਨਮ ਸ਼ਤਾਬਦੀ,ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੀ 350ਵੀਂ ਜਨਮ ਸ਼ਤਾਬਦੀ, ਇਸ ਤੋਂ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550ਵੀਂ ਜਨਮ ਸ਼ਤਾਬਦੀ ਅਤੇ ਇਸੇ ਮੌਕੇ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਦੇ ਅਹਿਮ ਫ਼ੈਸਲਿਆਂ ਰਾਹੀਂ ਸਿੱਖ ਭਾਈਚਾਰੇ ਨਾਲ ਪਿਆਰ ਅਤੇ ਵਿਸ਼ਵਾਸ ਨੂੰ ਜਤਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਐਮਰਜੈਂਸੀ ਦੌਰਾਨ ਸ੍ਰੀ ਮੋਦੀ ਪੰਜਾਬ ਅਤੇ ਦੇਸ਼ ਦੇ ਕੋਨੇ-ਕੋਨੇ ਵਿੱਚ ਸਿੱਖ ਪਹਿਰਾਵੇ ਦੇ ਵਿਚਰਿਆ ਅਤੇ ਉਨ੍ਹਾਂ ਸਿੱਖ ਧਰਮ ਬਾਰੇ ਗਿਆਨ ਹਾਸਲ ਕਰਨ ਲਈ ਸਿੱਖਾਂ ਦੇ ਧਾਰਮਿਕ ਗ੍ਰੰਥ ਪੜ੍ਹੇ ਅਤੇ ਵਿਚਾਰੇ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਘਰੇਲੂ ਉਡਾਣਾਂ ਦੌਰਾਨ 6 ਇੰਚ ਦੀ ਕਿਰਪਾਨ ਅਤੇ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀ ਕਿਰਪਾਨ ਪਹਿਨਣ ਦੀ ਆਗਿਆ ਦਿੱਤੀ ਗਈ ਹੈ। ਸਿੱਖ ਕੌਮ ਦੇ ਨੁਮਾਇੰਦਿਆਂ ਲਈ ਆਪਣੇ ਘਰ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਰੱਖਦਿਆਂ ਭਾਰਤ ਦੇ ਉੱਜਵਲ ਭਵਿੱਖ ਨੂੰ ਯਕੀਨੀ ਬਣਾਉਣ ਲਈ ‘ਸਭ ਦਾ ਸਾਥ, ਸਭ ਦਾ ਵਿਕਾਸ ਅਤੇ ਸਭ ਦਾ ਵਿਸ਼ਵਾਸ ’ ‘ਤੇ ਪਹਿਰਾ ਦੇਣ ਵਾਲੇ ਨਰਿੰਦਰ ਮੋਦੀ ਕਾਂਗਰਸ ਪਾਰਟੀ ਵੱਲੋਂ ਸਿੱਖਾਂ ਨੂੰ ਦਿੱਤੇ ਗਏ ਜ਼ਖ਼ਮਾਂ ਅਤੇ ਵਲੂੰਧਰੇ ਹੋਏ ਸਿੱਖ ਹਿਰਦਿਆਂ ਨੂੰ ਸ਼ਾਂਤ ਕਰਨ ਵਲ ਵਿਸ਼ੇਸ਼ ਧਿਆਨ ਦੇ ਰਹੇ ਹਨ।

NO COMMENTS

LEAVE A REPLY