ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣ ’ਚ ਸਹਿਯੋਗ ਕਰਨ ਕਿਸਾਨ-ਡਿਪਟੀ ਕਮਿਸ਼ਨਰ

0
21

 

ਪਰਾਲੀ ਨੂੰ ਅੱਗ ਲਗਾਉਣ ’ਤੇ ਹੋਣ ਵਾਲੇ ਨੁਕਸਾਨ ਬਾਰੇ ਵੱਧ ਤੋਂ ਵੱਧ
ਜਾਗਰੂਕ ਕੀਤਾ ਜਾਵੇ-ਬਲਦੀਪ ਕੌਰ
ਬੁਢਲਾਡਾ, 29 ਸਤੰਬਰ (ਦਵਿੰਦਰ ਸਿੰਘ ਕੋਹਲੀ) : ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਰੂਮ ਵਿਖੇ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ’ਤੇ ਹੋਣ ਵਾਲੇ ਨੁਕਸਾਨ ਬਾਰੇ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਸਮੇਤ ਹੋਰਨਾ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਟੀ.ਬੈਨਿਥ ਆਈ.ਏ.ਐਸ. ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਰਾਜ ਸਰਕਾਰ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਜ਼ਿਲ੍ਹਾ ਪੱਧਰ ’ਤੇ ਜਾਗਰੂਕਤਾ ਮੁਹਿੰਮ ਵਿੱਢਣ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਜ਼ਿਲ੍ਹੇ ਦੇ ਲਗਭਗ 71 ਪਿੰਡਾਂ ’ਚ ਅੱਗ ਲੱਗਣ ਦੀਆਂ ਘਟਨਾਵਾਂ ਦੇ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ, ਅਜਿਹੇ ਪਿੰਡਾਂ ’ਤੇ ਵਿਸ਼ੇਸ਼ ਨਜ਼ਰਸਾਨੀ ਰੱਖੀ ਜਾਵੇ। ਉਨ੍ਹਾਂ ਮੁੱਖ ਖੇਤੀਬਾੜੀ ਅਫ਼ਸਰ, ਮਾਨਸਾ ਨੂੰ ਕਿਸਾਨ ਸਿਖਲਾਈ ਕੈਂਪ, ਮੋਬਾਇਲ ਵੈਨਜ਼ ਵੱਖ ਵੱਖ ਸਕੂਲਾਂ ਵਿਚ ਪਰਾਲੀ ਸਾੜਨ ਤੋਂ ਹੋਣ ਵਾਲੇ ਨੁਕਸਾਨ ਦੀਆਂ ਸਕੂਲੀ ਬੱਚਿਆਂ ਤੋਂ ਗਤੀਵਿਧੀਆਂ, ਵਾਲਪੇਂਟਿੰਗ, ਸਲੋਗਨ ਅਤੇ ਆਧੁਨਿਕ ਤਕਨੀਕ ਰਾਹੀਂ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਆਦੇਸ਼ ਜਾਰੀ ਕੀਤੇ।
ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਸਕੂਲਾਂ ਵਿੱਚ ਪ੍ਰਤੀਯੋਗਤਾਵਾਂ, ਮਾਪਿਆਂ ਵੱਲੋ ਪ੍ਰਣ ਪੱਤਰ ਅਤੇ ਜਾਗਰੂਕਤਾ ਰੈਲੀ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ, ਮਾਨਸਾ ਨੂੰ ਗ੍ਰਾਮ ਪੰਚਾਇਤਾਂ ਦੇ ਸਰਪੰਚਾਂ ਰਾਹੀ ਜਾਗਰੂਕਤਾ ਅਤੇ ਪਿੰਡਾਂ ਵਿੱਚ ਮੁਨਿਆਦੀ ਅਤੇ ਹੋਰਨਾਂ ਵਿਭਾਗੀ ਅਧਿਕਾਰੀਆਂ ਨੂੰ ਪਿੰਡ ਪੱਧਰ ’ਤੇ ਜਾਗਰੂਕਤਾਂ ਕੈਂਪ ਲਗਾਉਣ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨ ਭਰਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣ ’ਚ ਸਹਿਯੋਗ ਕੀਤਾ ਜਾਵੇ।
ਇਸ ਮੌਕੇ ਐਸ.ਡੀ.ਐਮ. ਮਾਨਸਾ ਸ੍ਰੀ ਹਰਜਿੰਦਰ ਜੱਸਲ, ਐਸ.ਡੀ.ਐਮ. ਸਰਦੂਲਗੜ੍ਹ ਪੂਨਮ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਪਰਮਪਾਲ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਸੱਤਪਾਲ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

NO COMMENTS

LEAVE A REPLY