ਵੱਖ-ਵੱਖ ਵਾਰਡਾਂ ਦਾ ਕੀਤਾ ਦੌਰਾ
ਅੰਮ੍ਰਿਤਸਰ 6 ਅਕਤੂਬਰ (ਪਵਿੱਤਰ ਜੋਤ) :
ਸ਼ਹਿਰ ਦੇ ਵਿਕਾਸ ਵਿਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਅੰਮ੍ਰਿਤਸਰ ਸ਼ਹਿਰ ਨੂੰ ਸਾਫ਼ ਸੁਥਰਾ ਅਤੇ ਹਰਿਆਵਲ ਭਰਪੂਰ ਬਣਾਇਆ ਜਾਵੇਗਾ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ: ਇੰਦਰਬੀਰ ਸਿੰਘ ਨਿੱਜਰ ਨੇ ਵਾਰਡ ਨੰ: 39 ਵਿਖੇ ਨਵੇਂ ਬਣੇ ਟਿਊਬਵੈਲ ਦਾ ਉਦਘਾਟਨ ਕਰਨ ਸਮੇਂ ਕੀਤਾ।
ਸ: ਨਿੱਜਰ ਨੇ ਦੱਸਿਆ ਕਿ ਪਿਛਲੇ ਕਾਫ਼ੀ ਸਮੇਂ ਤੋਂ ਗੁਰੂ ਅਰਜਨ ਦੇਵ ਨਗਰ ਵਿਖੇ ਲੋਕਾਂ ਨੂੰ ਪਾਣੀ ਦੀ ਕਾਫ਼ੀ ਸਮੱਸਿਆ ਸੀ ਨੂੰ ਹੱਲ ਕਰਦੇ ਹੋਏ ਇਥੇ ਨਵਾਂ ਟਿਊਬਵੈਲ ਲਗਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਕਿਸੇ ਵੀ ਵਾਰਡ ਵਿੱਚ ਪਾਣੀ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਸ: ਨਿੱਜਰ ਵਲੋਂ ਵਾਰਡ ਨੰ: 33 ਅਤੇ 34 ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਵੀ ਲਿਆ ਗਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤਾ ਕਿ ਸਾਰੇ ਵਿਕਾਸ ਕਾਰਜ ਮਿੱਥੇ ਹੋਏ ਸਮੇਂ ਅੰਦਰ ਪੂਰੇ ਹੋਣੇ ਚਾਹੀਦੇ ਹਨ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਸ: ਨਿੱਜਰ ਨੇ ਦੱਸਿਆ ਕਿ ਨਗਰ ਨਿਗਮ ਦੀ ਹੱਦ ਅੰਦਰ 46 ਕਰੋੜ ਰੁਪਏ ਦੀ ਲਾਗਤ ਨਾਲ ਸੜ੍ਹਕਾਂ ਬਣਾਈਆਂ ਜਾ ਰਹੀਆਂ ਹਨ। ਇਸ ਮੌਕੇ ਸ: ਨਿੱਜਰ ਵਲੋਂ ਇਲਾਕੇ ਦਾ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਵੀ ਸੁਣਿਆ ਗਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤਾ ਕਿ ਇਨਾਂ ਦੀਆਂ ਸਮੱਸਿਆਵਾਂ ਦਾ ਜਲਦ ਨਿਪਟਾਰਾ ਕੀਤਾ ਜਾਵੇ । ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਨੀ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਸਤਨਾਮ ਸਿੰਘ, ਸਤਪਾਲ, ਨਵਨੀਤ ਸ਼ਰਮਾ, ਸੰਦੀਪ ਸ਼ਰਮਾ, ਨਵਪ੍ਰੀਤ ਸਿੰਘ, ਮਾਸਟਰ ਖਜਾਨ ਸਿੰਘ, ਮਨਿੰਦਰ ਸਿੰਘ ਅਤੇ ਮਨਪ੍ਰੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਹ ਲੋਕ ਹਾਜ਼ਰ ਸਨ।