ਅੰਮ੍ਰਿਤਸਰ 13 ਅਕਤੂਬਰ ( ਰਾਜਿੰਦਰ ਧਾਨਿਕ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਹਿਮਾਚਲ ਦੌਰੇ ਦੇ ਤਹਿਤ ਊਨਾ ਤੋਂ ਚੱਲਣ ਵਾਲੀ ਤੇਜ਼ ਰਫਤਾਰ ਰੇਲਗੱਡੀ ‘ਵੰਦੇ ਭਾਰਤ’ ਨੂੰ ਹਰੀ ਝੰਡੀ ਦੇਣ ਲਈ ਅੱਜ ਦਿੱਲੀ ਤੋਂ ਆਦਮਪੁਰ ਹਵਾਈ ਅੱਡੇ ‘ਤੇ ਪੁੱਜੇ, ਜਿੱਥੇ ਉਹ ਕੁਝ ਦੇਰ ਰੁਕੇ। ਪ੍ਰਧਾਨ ਮੰਤਰੀ ਮੋਦੀ ਦਾ ਆਦਮਪੁਰ ਹਵਾਈ ਅੱਡੇ ‘ਤੇ ਪੁੱਜਣ ‘ਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਰਾਜੇਸ਼ ਬਾਗਾ ਨੇ ਪੰਜਾਬ ਭਾਜਪਾ ਦੀ ਤਰਫੋਂ ਨਿਘਾ ਸਵਾਗਤ ਕੀਤਾ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੋਈ ਮੁਲਾਕਾਤ ਬਾਰੇ ਜਾਣਕਾਰੀ ਦਿੰਦਿਆਂ ਰਾਜੇਸ਼ ਬਾਗਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਜੀ ਨੇ ਉਨ੍ਹਾਂ ਨਾਲ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤਾਂ ‘ਤੇ ਚਰਚਾ ਕੀਤੀ ਅਤੇ ਜਾਣਕਾਰੀ ਹਾਸਲ ਕੀਤੀ।
ਰਾਜੇਸ਼ ਬਾਗਾ ਨੇ ਕਿਹਾ ਕਿ ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਜੀ ਨੂੰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਲੈ ਕੇ ਹੁਣ ਤੱਕ ਪੰਜਾਬ ਦੀ ਵਿਗੜੀ ਕਾਨੂੰਨ ਵਿਵਸਥਾ, ਗੈਂਗਸਟਰ ਰਾਜ ਅਤੇ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਵਿੱਚ ਕੀਤੇ ਜਾ ਰਹੇ ਭ੍ਰਿਸ਼ਟਾਚਾਰ ਅਤੇ ਘਪਲਿਆਂ ਦੀ ਜਾਣਕਾਰੀ ਦਿੱਤੀ ਹੈ। ਪੰਜਾਬ ‘ਚ ਅੱਜ ਸਮੂਹ ਸਰਕਾਰੀ ਅਤੇ ਗੈਰ-ਸਰਕਾਰੀ ਸੰਗਠਨਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਆਪਣੇ ਨਾਲ ਕੀਤੇ ਗਏ ਧੋਖੇ ਨੂੰ ਲੈ ਕੇ ਧਰਨੇ-ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾ ਕੇ ਸੂਬੇ ਦੀ ਸੱਤਾ ਹਾਸਲ ਕਰਨ ਵਾਲੀ ਆਮ ਆਦਮੀ ਪਾਰਟੀ ਵੱਲੋਂ ਸੂਬੇ ਦੇ ਲੋਕਾਂ ‘ਤੇ ਕਿਵੇਂ ਜ਼ੁਲਮ ਕੀਤੇ ਜਾ ਰਹੇ ਹਨ, ਇਸ ਬਾਰੇ ਪ੍ਰਧਾਨ ਮੰਤਰੀ ਮੋਦੀ ਨੂੰ ਜਾਣਕਾਰੀ ਦਿੱਤੀ ਗਈ ਹੈ।