ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੰਦੀ ਸਿੰਘਾਂ ਦੀ ਵੀਰ ਬਾਲ ਦਿਵਸ ਤੋਂ ਪਹਿਲਾਂ ਰਿਹਾਈ ਲਈ ਕਾਨੂੰਨੀ ਅੜਚਣ ਦੂਰ ਕਰਨ ਦੀ ਕੀਤੀ ਅਪੀਲ
ਅੰਮ੍ਰਿਤਸਰ 13 ਨਵੰਬਰ (ਰਾਜਿੰਦਰ ਧਾਨਿਕ) : ਭਾਰਤੀ ਜਨਤਾ ਪਾਰਟੀ ਦੇ ਸਿੱਖ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖਦਿਆਂ ਦੇਸ਼ ਭਰ ਵਿਚ 26 ਦਸੰਬਰ ਨੂੰ ਮਨਾਏ ਜਾ ਰਹੇ ਵੀਰ ਬਾਲ ਦਿਵਸ ਸਮਾਗਮਾਂ ਤੋਂ ਪਹਿਲਾਂ ਬੰਦੀ ਸਿੰਘਾਂ ਰਿਹਾਈ ਯਕੀਨੀ ਬਣਾਉਣ ਪ੍ਰਤੀ ਸਾਰੀਆਂ ਕਾਨੂੰਨੀ ਅੜਚਣਾਂ ਤੁਰੰਤ ਦੂਰ ਕਰਨ ਲਈ ਠੋਸ ਕਦਮ ਚੁੱਕਣ ਦੀ ਅਪੀਲ ਕੀਤੀ ਹੈ।
ਪ੍ਰੋ: ਸਰਚਾਂਦ ਸਿੰਘ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਹੱਤਿਆ ਮਾਮਲੇ ਵਿਚ ਉਮਰ ਕੈਦ ਕੱਟ ਰਹੇ 6 ਦੋਸ਼ੀਆਂ ਨੂੰ ਮਾਨਯੋਗ ਸੁਪਰੀਮ ਕੋਰਟ ਨੇ ਦੋਸ਼ੀਆਂ ਦੇ ਜੇਲ੍ਹ ਵਿਚ ਚੰਗੇ ਚਾਲ ਚੱਲਣ ਦੇ ਕਾਰਨ ਰਿਹਾਅ ਕਰਦਿਤੇ ਹਨ। ਇਸੇ ਤਰਾਂ ਹੀ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਵਰਗੇ ਘਿਣਾਉਣੇ ਅਪਰਾਧੀ, ਜਿਸ ਨੂੰ ਆਪਣੀਆਂ ਦੋ ਸਾਧਵੀਆਂ ਨਾਲ ਬਲਾਤਕਾਰ ਵਰਗੇ ਦੋਸ਼ਾਂ ਵਿਚ ਸਜਾ ਸੁਣਾਉਂਦਿਆਂ ਮਾਨਯੋਗ ਅਦਾਲਤ ਨੇ ਇੱਥੋਂ ਤਕ ਟਿੱਪਣੀ ਕੀਤੀ ਸੀ ਕਿ, ’’ਜਿਨ੍ਹਾਂ ਨੇ ਉਸ ਨੂੰ ਰੱਬ ਅਤੇ ਪਿਤਾ ਜੀ ਮੰਨਿਆ ਉਨ੍ਹਾਂ ਦਾ ਹੀ ਵਿਸ਼ਵਾਸ ਤੋੜ ਕੇ ਉਸ ਨੇ ਉਨ੍ਹਾਂ ਦੇ ਨਾਲ ਜੰਗਲੀ ਜਾਨਵਰਾਂ ਵਾਲਾ ਵਿਵਹਾਰ ਕੀਤਾ, ਜਿਸ ਕਰਕੇ ਉਹ ਸਜਾ ਵਿਚ ਕਿਸੇ ਰਹਿਮ ਜਾਂ ਟਿੱਲ ਦਾ ਹੱਕਦਾਰ ਨਹੀਂ’’। ਜਿਹੇ ਖ਼ਤਰਨਾਕ ਅਪਰਾਧੀ ਨੂੰ ਵਾਰ ਵਾਰ ਪੈਰੋਲ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦਹਾਕਿਆਂ ਤੋਂ ਜੇਲ੍ਹਾਂ ਵਿਚ ਬੰਦ ਬੰਦੀ ਸਿੰਘ ਕੋਈ ਜਰਾਇਮ ਪੇਸ਼ਾ ਨਹੀਂ ਹਨ। ਬਲਕਿ ਉਹ ਭਾਰਤ ਦੀ ਅਜ਼ਾਦੀ ਤੋਂ ਬਾਅਦ ਦੇਸ਼ ਅੰਦਰ ਸਿੱਖ ਭਾਈਚਾਰੇ ਨਾਲ ਕਾਂਗਰਸ ਸਰਕਾਰਾਂ ਵੱਲੋਂ ਪੈਦਾ ਕੀਤੇ ਗਏ ਹਾਲਤਾਂ ਅਤੇ ਰਾਜਨੀਤਿਕ ਵਿਤਕਰਿਆਂ ਦੇ ਵਿਰੁੱਧ ਸਿੱਖਾਂ ਦੀ ਰਾਜਨੀਤਿਕ ਲਹਿਰ ਦੇ ਕਾਰਨ ਹਿੰਸਕ ਰਾਹ ’ਤੇ ਤੁਰਨ ਲਈ ਮਜਬੂਰ ਕੀਤੇ ਗਏ ਸਨ। ਉਨਾਂ ਕਿਹਾ ਕਿ ਅਬਾਦੀ ਵਿਚ ਕੇਵਲ 2 ਫੀਸਦੀ ਹੋਣ ਦੇ ਬਾਵਜੂਦ ਸਿਖ ਭਾਈਚਾਰੇ ਨੇ ਰਾਸ਼ਟਰ ਦੀ ਸੇਵਾ ਲਈ ਹਮੇਸ਼ਾ ਭਾਰੀ ਕੁਰਬਾਨੀਆਂ ਕੀਤੀਆਂ ਹਨ। ਦੇਸ਼ ਦੇ ਆਜ਼ਾਦੀ ਦੇ ਸੰਘਰਸ਼ ਵਿਚ ਵੀ ਇਸ ਛੋਟੇ ਜਿਹੇ ਭਾਈਚਾਰੇ ਨੇ ਬਹੁਤ ਵੱਡਾ ਯੋਗਦਾਨ ਪਾਇਆ ਹੈ। ਅਜ਼ਾਦੀ ਉਪਰੰਤ ਦੇਸ਼ ਨੂੰ ਅੰਨ ਭੰਡਾਰ ਪੱਖੋਂ ਚੁਨੌਤੀ ਮਿਲੀ ਤਾਂ ਸਿੱਖ ਕਿਸਾਨੀ ਨੇ ਆਪਣਾ ਖ਼ੂਨ ਪਸੀਨਾ ਇਕ ਕਰਦਿਆਂ ਦੇਸ਼ ਨੂੰ ਅਨਾਜ ਪੱਖੋਂ ਆਤਮ ਨਿਰਭਰ ਬਣਾਇਆ। ਸਿੱਖਾਂ ਦੀ ਵਤਨਪ੍ਰਸਤੀ ਦਾ ਸਬੂਤ ਦੇਣ ਦੀ ਲੋੜ ਨਹੀਂ, 1962 ਵਿਚ ਚੀਨ, 1965, 1971 ਅਤੇ 1999 ਦੌਰਾਨ ਕਾਰਗਿਲ ਵਿਚ ਪਾਕਿਸਤਾਨ ਨਾਲ ਅਤੇ ਫਿਰ ਕਈ ਵਾਰ ਚੀਨੀ ਸਰਹੱਦਾਂ ’ਤੇ ਚੀਨ ਵੱਲੋਂ ਮਿਲ ਰਹੀਆਂ ਚੁਨੌਤੀਆਂ ਦਾ ਸਾਹਮਣਾ ਅਤੇ ਟਾਕਰਾ ਕਰਨ ਵਿਚ ਸਿੱਖ ਫ਼ੌਜੀਆਂ ਨੇ ਕਦੀ ਪਿੱਛੇ ਮੁੜ ਕੇ ਦੇਖਣ ਬਾਰੇ ਨਹੀਂ ਸੋਚਿਆ।
ਪਰ ਦੇਸ਼ ਦੀ ਏਕਤਾ ਅਖੰਡਤਾ ਲਈ ਵੱਡੇ ਯੋਗਦਾਨ ਦੇ ਬਾਵਜੂਦ ਅਜ਼ਾਦੀ ਤੋਂ ਬਾਅਦ ਕਾਂਗਰਸ ਦੀਆਂ ਸਰਕਾਰਾਂ ਵੱਲੋਂ ਸਿਖਾਂ ਨਾਲ ਭਾਰੀ ਸਿਆਸੀ ਵਿਤਕਰਾ ਕੀਤਾ ਗਿਆ। 1984 ਵਿਚ ਮਾਨਵ ਕਲਿਆਣ ਅਤੇ ਸਾਂਝੀਵਾਲਤਾ ਦੇ ਕੇਂਦਰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਮੇਤ 37 ਗੁਰਦੁਆਰਿਆਂ ’ਤੇ ਫ਼ੌਜੀ ਹਮਲਾ ਕੀਤਾ ਗਿਆ ਅਤੇ ਅਨੇਕਾਂ ਹੀ ਸਿੱਖ ਸ਼ਰਧਾਲੂਆਂ ਦਾ ਘਾਣ ਕੀਤਾ ਗਿਆ। ਨਵੰਬਰ 1984 ਦੌਰਾਨ ਦਿਲੀ ਸਮੇਤ ਸੌ ਦੇ ਕਰੀਬ ਸ਼ਹਿਰਾਂ ਵਿਚ ਕਾਂਗਰਸ ਦੇ ਆਗੂਆਂ ਦੀ ਸਰਪ੍ਰਸਤੀ ਹੇਠ ਸਿੱਖਾਂ ਨੂੰ ਕੋਹ ਕੋਹ ਕੇ ਮਾਰਦਿਆਂ ਕਤਲੇਆਮ ਕੀਤਾ ਗਿਆ। ਸਿੱਖ ਕੌਮ ਧੰਨਵਾਦੀ ਹੈ ਆਪ ਜੀ ਦਾ ਜਿਨ੍ਹਾਂ ਨੇ 2014 ਵਿਚ ਸਤਾ ਸੰਭਾਲਦਿਆਂ ਹੀ ਸਿੱਟ ਬਣਾ ਕੇ ਕਤਲੇਆਮ ਦੇ ਦੋਸ਼ੀਆਂ ਜਿਨ੍ਹਾਂ ’ਚ ਸਜਣ ਕੁਮਾਰ ਵਰਗੇ ਕਾਂਗਰਸੀ ਆਗੂ ਨੂੰ ਸਲਾਖ਼ਾਂ ਪਿੱਛੇ ਭੇਜਣ ਦਾ ਵੱਡਾ ਕਾਰਜ ਕੀਤਾ।
ਪ੍ਰੋ: ਸਰਚਾਂਦ ਸਿੰਘ ਨੇ ਕਿਹਾ ਕਿ ਸਿੱਖ ਬੰਦੀ ਸਿੰਘਾਂ ਨੇ ਹੁਣ ਤਕ ਆਪਣੀ ਉਮਰ ਦਾ ਵੱਡਾ ਹਿੱਸਾ ਜੇਲ੍ਹਾਂ ਵਿਚ ਬਤੀਤ ਕਰ ਲਿਆ ਹੈ। ਜਿਸ ਕਰਕੇ ਉਨ੍ਹਾਂ ਦੀ ਮਾਨਸਿਕ ਦਸ਼ਾ ਵੀ ਪ੍ਰਭਾਵਿਤ ਹੋਈ ਹੈ। ਉਨ੍ਹਾਂ ਕਿਹਾ ਕਿ ਤਿੰਨ ਤਿੰਨ ਦਹਾਕਿਆਂ ਤੋਂ ਸਿੱਖ ਸਿਆਸੀ ਕੈਦੀ ਜੇਲ੍ਹਾਂ ਵਿਚ ਬੰਦ ਹਨ। ਜਿਨ੍ਹਾਂ ਵਿਚੋਂ 8 ਨੂੰ ਛੱਡਣ ਅਤੇ ਇਕ ਦੀ ਸਜ਼ਾ ਤਬਦੀਲੀ ਬਾਰੇ ਕੇਂਦਰ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਦੌਰਾਨ ਐਲਾਨ ਕੀਤਾ ਗਿਆ। ਇਨ੍ਹਾਂ ਵਿਚੋਂ 4 ਨੂੰ ਰਿਹਾਅ ਵੀ ਕੀਤਾ ਗਿਆ ਪਰ ਅਫ਼ਸੋਸ ਕਿ ਉਨ੍ਹਾਂ ਵਿਚੋਂ 5 ਅਜੇ ਵੀ ਨਹੀਂ ਛੱਡੇ ਗਏ। ਜਿਸ ਨੂੰ ਲੈ ਕੇ ਸਿੱਖ ਭਾਈਚਾਰਾ ਬਹੁਤ ਚਿੰਤਤ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ ਕਿ ਪਿਛਲੀਆਂ ਸਰਕਾਰਾਂ ’ਚ ਦੇਖੀ ਗਈ ਸਦੀਵੀ ਸਮੱਸਿਆਵਾਂ ਨਾਲ ਨਜਿੱਠਣ ਦੀ ਇੱਛਾ ਸ਼ਕਤੀ ਦੀ ਘਾਟ ਨੂੰ ਆਪ ਜੀ ਨੇ ਤਿਲਾਂਜਲੀ ਦੇ ਕੇ ਅਯੁੱਧਿਆ ’ਚ ਰਾਮ ਮੰਦਰ ਦੀ ਉਸਾਰੀ, ਕਸ਼ਮੀਰ ’ਚੋਂ ਧਾਰਾ 370 ਨੂੰ ਹਟਾਉਣ, ਤਿੰਨ ਤਲਾਕ, ਨਾਗਰਿਕ ਸੋਧ ਕਾਨੂੰਨ, ਅਤਿਵਾਦ ਪ੍ਰਤੀ ਜ਼ੀਰੋ ਟਾਲਰੈਸ ’ਤੇ ਸਰਹੱਦ ਪਾਰ ਦੇ ਅਤਿਵਾਦੀ ਕੈਂਪਾਂ ’ਤੇ ਸਰਜੀਕਲ ਸਟ੍ਰੈਕ ਨੂੰ ਅੰਜਾਮ ਦੇ ਕੇ ਇਕ ਨਿਰਨਾਇਕ ਪਹੁੰਚ ਅਪਣਾਈ ਹੈ, ਉਸੇ ਹੀ ਤਰਜ਼ ’ਤੇ ਪੰਜਾਬ ਅਤੇ ਸਿੱਖ ਪੰਥ ਦੇ ਲੰਬਿਤ ਪਏ ਮਸਲਿਆਂ ਸਮੇਤ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਨੂੰ ਵੀ ਤਰਜੀਹੀ ਅਧਾਰ ’ਤੇ ਹੱਲ ਕੀਤਾ ਜਾਵੇ । ਇੱਥੇ ਮੈਂ ਸਿੱਖ ਪੰਥ ਦੀਆਂ ਭਾਵਨਾਵਾਂ ਦੀ ਤਰਜਮਾਨੀ ਕਰਦਿਆਂ ਅਪੀਲ ਕਰਦਾ ਹਾਂ ਕਿ ਬੰਦੀ ਸਿੰਘਾਂ ਦੀ ਰਿਹਾਈ ਵਿਚ ਕੋਈ ਵੀ ਕਾਨੂੰਨੀ ਅੜਚਣ ਹੈ ਤਾਂ ਉਸ ਨੂੰ ਤੁਰੰਤ ਦੂਰ ਕੀਤਾ ਜਾਵੇ ਤਾਂ ਕਿ ਉਹ ਵੀ 26 ਦਸੰਬਰ ਨੂੰ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਪ੍ਰਤੀ ਪਹਿਲੀ ਵਾਰ ਸਰਕਾਰ ਵੱਲੋਂ ਮਨਾਏ ਜਾ ਰਹੇ ਵੀਰ ਬਾਲ ਦਿਵਸ ਨੂੰ ਪੂਰੀ ਸ਼ਰਧਾ ਅਤੇ ਉਤਸ਼ਾਹ ਪੂਰਵਕ ਮਨਾ ਸਕਣ। ਸਿੱਖ ਭਾਈਚਾਰੇ ਦੇ ਵੱਖ ਵੱਖ ਵਰਗਾਂ ਜਥੇਬੰਦੀਆਂ ਦੀ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਅਤੇ ਲਟਕ ਰਹੀ ਮੰਗ ਦੇ ਇਵਜ਼ ‘ਚ ਸਦਭਾਵਨਾ ਅਤੇ ਮਾਨਵੀ ਅਧਾਰ ‘ਤੇ ਬੰਦੀ ਸਿੰਘਾਂ ਨੂੰ ਰਿਹਾਅ ਕਰਦਿਆਂ ਸਿੱਖ ਪੰਥ ਨੂੰ ਦਿੱਤਾ ਗਿਆ ਵੱਡਾ ਤੋਹਫ਼ਾ ਦੇਸ਼ ਦੀ ਭਾਈਚਾਰਕ ਸਾਂਝ ਪ੍ਰਤੀ ਇਕ ਚੰਗੀ ਸ਼ੁਰੂਆਤ ਹੋਵੇਗੀ। ਜਿਸ ਦੇ ਚੰਗੇ ਸਿੱਟੇ ਸਾਹਮਣੇ ਆਉਣਗੇ। ਸਮੂਹ ਸਿੱਖ ਕੈਦੀਆਂ ਦੀ ਰਿਹਾਈ ਵਰਗਾ ਠੋਸ ਕਦਮ ਨਿਸ਼ਚੇ ਹੀ ਪੰਜਾਬ ਅਤੇ ਸਿੱਖ ਕੌਮ ਨਾਲ ਕੇਂਦਰ ਦੀਆਂ ਕਾਂਗਰਸੀ ਸਰਕਾਰਾਂ ਵੱਲੋਂ ਕੀਤੇ ਜਾਂਦੇ ਗ਼ਲਤ ਵਿਵਹਾਰ ਅਤੇ ਵਿਤਕਰਿਆਂ ਕਾਰਨ ਸਿੱਖ ਕੌਮ ‘ਚ ਆਈ ਬੇਗਾਨਗੀ ਦੀ ਭਾਵਨਾ ਨੂੰ ਦੂਰ ਕਰਨ ਅਤੇ ਸਿੱਖ ਕੌਮ ਦੀ ਦੇਸ਼ ਪ੍ਰਤੀ ਵਿਸ਼ਵਾਸ ਬਹਾਲੀ ‘ਚ ਸਹਾਈ ਸਿੱਧ ਹੋਵੇਗੀ।