ਅਸ਼ਵਨੀ ਸ਼ਰਮਾ ਨੇ ਪੰਜਾਬ ਦੇ ਆਗੂਆਂ ਨੂੰ ਕੌਮੀ ਕਾਰਜਕਾਰਨੀ ਵਿੱਚ ਸ਼ਾਮਲ ਕਰਨ ’ਤੇ ਜ਼ੈੱ.ਪੀ. ਨੱਡਾ ਦਾ ਕੀਤਾ ਧੰਨਵਾਦ
ਚੰਡੀਗੜ੍ਹ/ਅੰਮ੍ਰਿਤਸਰ, 2 ਦਸੰਬਰ (ਪਵਿੱਤਰ ਜੋਤ) : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਾਜਪਾ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਵਲੋਂ ਪੰਜਾਬ ਭਾਜਪਾ ਦੇ ਦਿੱਗਜ ਆਗੂ ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਨੂੰ ਕੌਮੀ ਵਰਕਿੰਗ ਕਮੇਟੀ ਮੈਂਬਰ ਅਤੇ ਰਾਣਾ ਗੁਰਮੀਤ ਸਿੰਘ ਸੋਢੀ, ਮਨੋਰੰਜਨ ਕਾਲੀਆ। ਅਤੇ ਅਮਨਜੋਤ ਕੌਰ ਰਾਮੂਵਾਲੀਆ ਨੂੰ ਵਿਸ਼ੇਸ਼ ਆਮੰਤਰਿਤ ਕੌਮੀ ਵਰਕਿੰਗ ਕਮੇਟੀ ਮੈਂਬਰ ਅਤੇ ਜੈਵੀਰ ਸ਼ੇਰਗਿੱਲ ਨੂੰ ਕੌਮੀ ਬੁਲਾਰਾ ਨਿਯੁਕਤ ਕਰਨ ਲਈ ਭਾਜਪਾ ਦੀ ਕੌਮੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪੰਜਾਬ ਲਈ ਬੜੇ ਮਾਣ ਵਾਲੀ ਗੱਲ ਹੈ।
ਅਸ਼ਵਨੀ ਸ਼ਰਮਾ ਨੇ ਭਾਜਪਾ ਦੀ ਕੌਮੀ ਟੀਮ ਵਿੱਚ ਸ਼ਾਮਲ ਹੋਏ ਪੰਜਾਬ ਭਾਜਪਾ ਆਗੂਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਾਰੇ ਆਗੂ ਪੰਜਾਬ ਦੀਆਂ ਸਮੱਸਿਆਵਾਂ ਤੋਂ ਭਲੀ ਭਾਂਤ ਜਾਣੂ ਹਨ ਅਤੇ ਇਹ ਸਾਰੇ ਪੰਜਾਬ ਦੀਆਂ ਸਮੱਸਿਆਵਾਂ ਨੂੰ ਕੌਮੀ ਲੀਡਰਸ਼ਿਪ ਦੇ ਸਾਹਮਣੇ ਉਜਾਗਰ ਕਰਨ ਅਤੇ ਉਹਨਾਂ ਨੂੰ ਸੁਲਝਵਾਉਣ ਵਿੱਚ ਵਿੱਚ ਬਹੁਤ ਮਦਦਗਾਰ ਸਾਬਿਤ ਹੋਣਗੇ। ਇਨ੍ਹਾਂ ਆਗੂਆਂ ਅਤੇ ਕੌਮੀ ਲੀਡਰਸ਼ਿਪ ਦੇ ਤਾਲਮੇਲ ਦਾ ਪੰਜਾਬ ਭਾਜਪਾ ਨੂੰ ਵੀ ਬੜਾ ਲਾਭ ਮਿਲੇਗਾ ਅਤੇ ਇਨ੍ਹਾਂ ਦੇ ਸਹਿਯੋਗ ਨਾਲ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦਾ ਵੱਧ ਰਿਹਾ ਜਨ-ਆਧਾਰ ਅਤੇ ਨਿੱਤ ਦਿਨ ਵਿਰੋਧੀ ਪਾਰਟੀਆਂ ਦੇ ਵੱਡੇ ਆਗੂਆਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਸਾਰੇ ਵਿਰੋਧੀ ਧੀਰ ਬੁਰੀ ਤਰ੍ਹਾਂ ਬੁਖਲਾਏ ਹੋਏ ਹਨ। ਸ਼ਰਮਾ ਨੇ ਕਿਹਾ ਕਿ ਭਾਜਪਾ ਹਿਮਾਚਲ ਪ੍ਰਦੇਸ਼, ਗੁਜਰਾਤ ਅਤੇ ਦਿੱਲੀ ਨਗਰ ਨਿਗਮ ਚੋਣਾਂ ਵਿੱਚ ਜਨਤਾ ਦੇ ਬਹੁਮਤ ਨਾਲ ਜਿੱਤ ਦਰਜ ਕਰੇਗੀ।