ਰਾਜ ਸਭਾ ਮੈਂਬਰ ਨੇ ਕੀਤਾ ਪਾਈਟੈਕਟ ਮੇਲੇ ਦਾ ਦੌਰਾ
ਅੰਮਿ੍ਤਸਰ, 10 ਦਸੰਬਰ (ਪਵਿੱਤਰ ਜੋਤ) : ਅੰਮ੍ਰਿਤਸਰ ਹਵਾਈ ਅੱਡੇ ਤੋਂ ਕਾਰਗੋ ਉਡਾਣਾਂ ਸ਼ੁਰੂ ਕਰਨ ਦੀ ਮੰਗ ਕਰਦਿਆਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਹੈ ਕਿ ਕਾਰਗੋ ਉਡਾਣਾਂ ਸ਼ੁਰੂ ਹੋਣ ਨਾਲ ਐਗਰੋ ਇੰਡਸਟਰੀ ਮਜ਼ਬੂਤ ਹੋਵੇਗੀ ਅਤੇ ਕਿਸਾਨਾਂ ਨੂੰ ਫ਼ਸਲੀ ਚੱਕਰ ’ਚੋਂ ਬਾਹਰ ਕੱਢਿਆ ਜਾ ਸਕੇਗਾ।
ਸਾਹਨੀ ਅੱਜ ਇਥੇ ਪੀ. ਐਚ. ਡੀ. ਚੈਂਬਰ ਆਫ਼ ਕਾਮਰਸ ਵਲੋਂ ਆਯੋਜਿਤ ਕੀਤੇ ਜਾ ਰਹੇ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ ਪਾਈਟੈਕਸ ਦਾ ਦੌਰਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਤੋਂ ਕਾਰਗੋ ਉਡਾਣਾਂ ਸ਼ੁਰੂ ਕਰਨਾ ਸਮੇਂ ਦੀ ਮੰਗ ਹੈ। ਉਹ ਇਸ ਮੁੱਦੇ ਨੂੰ ਕੇਂਦਰ ਸਰਕਾਰ ਦੇ ਸਾਹਮਣੇ ਚੁੱਕਣਗੇ।
ਸਾਹਨੀ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਨੂੰ ਮਜਬੂਦ ਕਰਨ ਲਈ ਉਦਯੋਗਾਂ ਨੂੰ ਸਹੂਲਤਾਂ ਪ੍ਰਦਾਨ ਕਰਨਾ ਜਰੂਰੀ ਹੈ। ਇਸਦੇ ਲਈ ਪੰਜਾਬ ਸਰਕਾਰ ਵਲੋਂ ਉਦਯੋਗਿਕ ਨੀਤੀ ਲਿਆਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿਚ ਸਾਢੇ ਅੱਠ ਏਕੜ ਵਿਚ ਕਨਵੈਸ਼ਨ ਸੈਂਟਰ ਬਣਾਉਣ ਦੀ ਜਰੂਰਤ ਹੈ ਤਾਂ ਕਿ ਉਦਮੀ ਇਕ ਛੱਤ ਹੇਠਾਂ ਆਪਣੇ ਉਤਪਾਦਾਂ ਦੀ ਪ੍ਰਦਰਸ਼ਨੀ ਲਗਾ ਸਕਣ। ਰਾਜ ਸਭਾ ਮੈਂਬਰ ਨੇ ਕਿਹਾ ਕਿ ਪੰਜਾਬ ਵਿਚ ਉਦਯੋਗਾਂ ਲਈ ਕੱਚੇ ਮਾਲ ਦੀ ਕੋਈ ਕਮੀ ਨਹੀਂ ਹੈ। ਲੁਧਿਆਣਾ ਵਿਚ ਸਾਈਕਲ, ਹੋਜਰੀ, ਜਲੰਧਰ ਵਿਚ ਸਪੋਰਟਸ ਦੇ ਉਦਯੋਗ ਪ੍ਰਫੁੱਲਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜਲਦ ਹੀ ਮੰਡੀ ਗੋਬਿੰਦਗੜ੍ਹ ਵਿਚ ਟਾਟਾ ਸਟੀਲ ਤਿੰਨ ਹਜ਼ਾਰ ਕਰੋੜ ਰੁਪਏ ਦਾ ਪੂੰਜੀ ਨਿਵੇਸ਼ ਕਰਨ ਜਾ ਰਿਹਾ ਹੈ। ਪੰਜਾਬ ਸਰਕਾਰ ਵਲੋਂ ਉਦਮੀਆਂ ਨੂੰ ਸੂਬੇ ਵਿਚ ਨਿਵੇਸ਼ ਕਰਨ ਲਈ 23 ਅਤੇ 24 ਫਰਵਰੀ ਨੂੰ ਮੁਹਾਲੀ ਵਿਚ ਇਨਵੈਸਟਰ ਮੀਟ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿਚ ਦੇਸ਼ ਭਰ ਤੋਂ ਉਦਮੀ ਭਾਗ ਲੈਣਗੇ।