ਅੰਮ੍ਰਿਤਸਰ 14 ਦਸੰਬਰ (ਪਵਿੱਤਰ ਜੋਤ) : ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ: ਰਾਜ ਕੁਮਾਰ ਵੇਰਕਾ ਨੂੰ ਅੱਜ ਭਾਜਪਾ ਹਾਈਕਮਾਂਡ ਵੱਲੋਂ ਸੂਬਾਈ ਚੋਣ ਕਮੇਟੀ ਦਾ ਮੈਂਬਰ ਨਿਯੁਕਤ ਕਰਕੇ ਉਨ੍ਹਾਂ ਨੂੰ ਵਿਸ਼ੇਸ਼ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਡਾ: ਵੇਰਕਾ ਨੇ ਇਸ ਨਿਯੁਕਤੀ ਲਈ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਅਤੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਧੰਨਵਾਦ ਕੀਤਾ ਹੈ। ਡਾ: ਵੇਰਕਾ ਨੇ ਕਿਹਾ ਕਿ ਭਾਜਪਾ ਪਾਰਟੀ ਨੇ ਉਨ੍ਹਾਂ ‘ਤੇ ਭਰੋਸਾ ਜਤਾਇਆ ਹੈ ਅਤੇ ਉਹ ਉਨ੍ਹਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਦੀ ਪੂਰੀ ਕੋਸ਼ਿਸ਼ ਕਰਨਗੇ | ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਾਰਟੀ ਨਾਲ ਉਨ੍ਹਾਂ ਦਾ ਅਗਲਾ ਨਿਸ਼ਾਨਾ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨਾ ਅਤੇ ਇਸ ਤੋਂ ਬਾਅਦ 2024 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਅਤੇ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦਾ ਝੰਡਾ ਬੁਲੰਦ ਕਰਨਾ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਡਾ: ਵੇਰਕਾ ਨੂੰ ਭਾਜਪਾ ਹਾਈ ਕਮਾਂਡ ਵੱਲੋਂ ਪਹਿਲਾਂ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਅਤੇ ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਪ੍ਰਚਾਰ ਕਰਨ ਦੀ ਅਹਿਮ ਜ਼ਿੰਮੇਵਾਰੀ ਵੀ ਸੌਂਪੀ ਗਈ ਸੀ।