ਬੁਢਲਾਡਾ, 22 ਦਸੰਬਰ (ਦਵਿੰਦਰ ਸਿੰਘ ਕੋਹਲੀ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ੀਸ਼ ਲਿਆਉਣ ਵਾਲੇ ਭਾਈ ਜੈਤਾ ਜੀ ਦੇ ਸ਼ਹੀਦੀ ਦਿਹਾੜੇ ਦੇ ਸੰਬੰਧ ਵਿੱਚ ਗੁਰਦੁਆਰਾ ਸਾਹਿਬ ਬਾਬਾ ਜੀਵਨ ਸਿੰਘ ਜੀ ਦਾ ਸ਼ਹੀਦੀ ਦਿਹਾੜਾ 22,23 ਅਤੇ 24 ਦਸੰਬਰ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਬਾਬਾ ਜੀਵਨ ਸਿੰਘ ਜੀ ਤੋਂ ਵਿਸ਼ਾਲ ਅਲੌਕਿਕ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਇਆ ਗਿਆ। ਨਗਰ ਕੀਰਤਨ ਦੌਰਾਨ ਗਤਕਾ ਪਾਰਟੀ, ਸਕੂਲਾਂ ਦੇ ਬੱਚੇ,ਭਾਈ ਸਰਵਣ ਸਿੰਘ,ਭਾਈ ਅਵਤਾਰ ਸਿੰਘ ਦਾ ਰਾਗੀ ਜਥਾ, ਢਾਡੀ ਜਥਾ, ਕਵੀਸ਼ਰੀ ਜਥਾ ਅਤੇ ਬੀਬੀਆਂ ਦੇ ਕੀਰਤਨੀ ਜਥੇ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੇ ਸਨ।ਨਗਰ ਕੀਰਤਨ ਦੌਰਾਨ ਸੰਗਤਾਂ ਵੱਲੋਂ ਚਾਹ ਅਤੇ ਦੁੱਧ ਆਦਿ ਦੇ ਲੰਗਰ ਲਗਾਏ ਗਏ। ਨਗਰ ਕੀਰਤਨ ਦੌਰਾਨ ਸ਼ਹਿਰ ਦੀਆਂ ਸੰਗਤ ਵੱਲੋਂ ਗੁਰੂ ਸਾਹਿਬ ਨੂੰ ਨਤਮਸਤਕ ਹੋ ਕੇ ਨਿੱਘਾ ਸਵਾਗਤ ਕੀਤਾ ਗਿਆ।ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇੇ ਦੱਸਿਆ ਕਿ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ 24 ਦਸੰਬਰ ਨੂੰ ਸਵੇਰੇ ਪਾਏ ਜਾਣਗੇ।ਉਪਰੰਤ ਰਾਗੀ ਜਥਿਆਂ ਵੱਲੋਂ ਮਨੋਹਰ ਗੁਰਬਾਣੀ ਕੀਰਤਨ ਰਾਹੀਂ ਗੁਰੂ ਜਸ ਸਰਵਣ ਕਰਵਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।ਗੁਰੂ ਦਾ ਮਹਾਨ ਲੰਗਰ ਅਤੁੱਟ ਵਰਤਾਇਆ ਜਾਵੇਗਾ।